ਪੁਲਿਸ ਦਾ ਦਾਅਵਾ: 8 ਮਹੀਨਿਆਂ ‘ਚ 1628 ਵੱਡੀਆਂ ਮੱਛੀਆਂ ਸਣੇ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫ਼ੈਸਲਾਕੁੰਨ ਜੰਗ ਨੌਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ। ਪੰਜਾਬ ਪੁਲਸ ਨੇ 5 ਜੁਲਾਈ, 2022 ਤੋਂ ਹੁਣ ਤੱਕ 962 ਵਪਾਰਕ ਮਾਮਲਿਆਂ ਸਮੇਤ 8458 ਮਾਮਲੇ ਦਰਜ ਕਰਕੇ 1628 ਵੱਡੀਆਂ ਮੱਛੀਆਂ ਸਮੇਤ 11360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਸ (ਹੈੱਡ ਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 612.78 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਨਾਲ ਸਿਰਫ਼ 8 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 760.28 ਕਿੱਲੋ ਹੋ ਗਈ ਹੈ। ਹੈਰੋਇਨ ਦੀ ਵੱਡੀ ਖ਼ੇਪ ਬਰਾਮਦ ਕਰਨ ਤੋਂ ਇਲਾਵਾ ਆਈ. ਜੀ. ਪੀ. ਨੇ ਦੱਸਿਆ ਕਿ ਪੁਲਸ ਨੇ ਸੂਬੇ ਭਰ ਵਿੱਚੋਂ 464.18 ਕਿੱਲੋ ਅਫ਼ੀਮ, 586 ਕਿੱਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਸ ਨੇ ਇਨ੍ਹਾਂ 8 ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈ. ਜੀ. ਪੀ. ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਸ ਨੇ 22 ਵਪਾਰਕ ਮਾਮਲਿਆਂ ਸਮੇਤ 189 ਮਾਮਲੇ ਦਰਜ ਕਰਕੇ 234 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.60 ਕਿੱਲੋਗ੍ਰਾਮ ਹੈਰੋਇਨ, 10.30 ਕਿੱਲੋ ਅਫ਼ੀਮ, 13.87 ਕਿੱਲੋ ਗਾਂਜਾ, 2.80 ਕੁਇੰਟਲ ਭੁੱਕੀ, 59271 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 1.47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਪਿਛਲੇ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ. ਕੇਸਾਂ ਵਿੱਚ 25 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 749 ਹੋ ਗਈ ਹੈ।