ਪੰਜਾਬ ਨੂੰ ਸਥਿਰ ਬਣਾਉਣ ਲਈ ਸਟੇਟ ਨੂੰ ਸਿੱਖਾਂ ਨਾਲ ਗੱਲ ਕਰਨੀ ਪਵੇਗੀ ਤੇ ਮਸਲੇ ਹੱਲ ਕਰਨੇ ਪੈਣਗੇ: ਜਥੇਦਾਰ

ਅੰਮ੍ਰਿਤਸਰ- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਹ ਸਰਕਾਰਾਂ ਵੱਲੋਂ ਬੇਵਜ੍ਹਾ ਹੀ ਇਕ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਟਰਨੈੱਟ ਬੰਦ ਹੋਣ ਕਾਰਨ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਲੋਕਾਂ ਕੋਲ ਪਹੁੰਚ ਰਹੀਆਂ ਹਨ। ਲੋਕਾਂ ਨੂੰ ਇਸ ਮਾਹੌਲ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ । ਇਥੇ ਸਿਰਫ਼ ਪੰਜਾਬ ਨੂੰ ਅਸਥਿਰ ਕਰਨ ਦੇ ਯਤਨ ਹੋ ਰਹੇ ਹਨ।

ਜੱਥੇਦਾਰ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਪੰਜਾਬ ‘ਚ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਰਾਜਨੀਤੀ ਖੇਡੀ ਸੀ, ਜਿਸ ਦਾ ਨੁਕਸਾਨ ਵੱਡੇ ਪੱਧਰ ‘ਤੇ ਸਿੱਖਾਂ ਅਤੇ ਪੰਜਾਬ ਨੂੰ ਭੁਗਤਨਾ ਪਿਆ ਸੀ। ਉਨ੍ਹਾਂ ਕਿਹਾ ਹੁਣ ਫਿਰ ਉਸ ਤਰ੍ਹਾਂ ਦੀ ਹੀ ਖੇਡ ਖੇਡੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਪਣੀਆਂ ਰਾਜਨੀਤੀਆਂ ਨੂੰ ਚਮਕਾਉਣ ਲਈ ਸਿੱਖਾਂ ਅਤੇ ਪੰਜਾਬ ਨੂੰ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਾਉਣ ਵਾਸਤੇ ਇਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਜਾਣਕਾਰੀ ‘ਚ ਆਇਆ ਹੈ ਕਿ 16-17 ਸਾਲਾਂ ਦੇ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਹਿਰਾਸਤ ‘ਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਸਥਿਰ ਬਣਾਉਣ ਲਈ ਸਿੱਖਾਂ ਨਾਲ ਗੱਲਬਾਤ ਕਰਨੀ ਪਵੇਗੀ ਅਤੇ ਸਿੱਖਾਂ ਦੇ ਮਸਲਿਆਂ ਦਾ ਹੱਲ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਦਹਿਸ਼ਤ ਨੂੰ ਬਣਾਈ ਰੱਖਣ ਨਾਲ ਨਾ ਤਾਂ ਪੰਜਾਬ ਸੁਰੱਖਿਅਤ ਸਕਦਾ ਹੈ ਤੇ ਨਾ ਹੀ ਭਾਰਤ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ‘ਚ ਸ਼ਾਂਤੀ ਬਣੀ ਰੱਖਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਖੇਡਣ ਤੋਂ  ਗੁਰੇਜ਼ ਕਰਨਾ ਚਾਹੀਦਾ ਹੈ। ਭਾਵੇਂ ਉਹ ਸੂਬਾ ਸਰਕਾਰ ਹੋਵੇ ਜਾਂ ਫਿਰ ਭਾਰਤ ਸਰਕਾਰ। ਉਨ੍ਹਾਂ ਕਿਹਾ ਇਨ੍ਹਾਂ ਮਸਲਿਆਂ ਦਾ ਹੱਲ ਸਭ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਤੇ ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਜੋ ਨਾਜਾਇਜ਼ ਹਿਰਾਸਤ ‘ਚ ਲਿਆ ਗਿਆ ਹੈ, ਇਸ ਨੂੰ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ।

Leave a Reply

error: Content is protected !!