ਪੰਜਾਬ

ਪਿਤਾ ਦੀ ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, 17 ਸਾਲਾ ਪੁੱਤ ਦੀ ਮੌਤ

ਮੋਗਾ: ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਬਾਜੇਕੇ ਨਿਵਾਸੀ ਗੁਰਬਿੰਦਰ ਸਿੰਘ (17) ਦੀ ਅਚਾਨਕ ਗੋਲ਼ੀ ਲੱਗਣ ਕਾਰਣ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਨੇ ਗਿਆਰਵੀਂ ਪਾਸ ਕੀਤੀ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਪਿਤਾ ਸੁਖਵਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਰਿਵਾਲਵਰ ’ਚੋਂ ਗੋਲ਼ੀ ਚੱਲ ਗਈ, ਜਿਸ ਕਾਰਨ ਉਹ ਜ਼ਖਮੀ ਹੋ ਕੇ ਉਥੇ ਹੀ ਡਿੱਗ ਪਿਆ।

ਇਸ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਗੁਰਬਿੰਦਰ ਸਿੰਘ ਨੂੰ ਤੁਰੰਤ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਗੁਰਬਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਨ ਤੋਂ ਬਾਅਦ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-