ਸਾਨੂੰ ਰੋਕ ਕੇ ਦਿਖਾਓ
ਪਟਿਆਲਾ : ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਤੰਦਰੁਸਤ ਸਿਹਤ ਲਈ ਉਲੀਕੇ ਗਏ ਪ੍ਰੋਗਰਾਮ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪਟਿਆਲਾ ਵਿਚ ਕਰ ਦਿੱਤੀ ਗਈ ਹੈ। ‘ਸੀ. ਐੱਮ. ਦੀ ਯੋਗਸ਼ਾਲਾ’ ਦੇ ਉਦਘਾਟਨੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਦਿੱਲੀ ਵਿਚ ਕੀਤੀ ਗਈ ਸੀ। ਦਿੱਲੀ ਵਿਚ ਜਦੋਂ ਇਸ ਦੀ ਸ਼ੁਰੂਆਤ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਇਸ ਦੀ ਮੰਗ ਹੋਈ। ਇਸ ਕਾਰਣ ਐੱਲ. ਜੀ. ਬਕਾਇਦਾ ਇਸ ’ਤੇ ਰੋਕ ਲਗਾਉਣੀ ਪਈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਇਕ ਵਧੀਆ ਉਪਰਾਲਾ ਸੀ। ਦਿੱਲੀ ਵਿਚ ਤਾਂ ਐੱਲ. ਜੀ. ਨੇ ਰੋਕ ਲਗਾ ਦਿੱਤੀ ਪਰ ਪੰਜਾਬ ਵਿਚ ਕੌਣ ਰੋਕ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਦਾ ਨੰਬਰ ਵੀ ਜਾਰੀ ਕੀਤਾ ਜਾਵੇਗਾ, ਸਿਰਫ ਇਕ ਮਿਸ ਕਾਲ ’ਤੇ ਤੁਹਾਡੇ ਕੋਲ ਯੋਗਾ ਦਾ ਟ੍ਰੇਨਰ ਪਹੁੰਚ ਜਾਵੇਗਾ। ਜਿੱਥੇ ਵੀ 20 ਤੋਂ 25 ਬੰਦੇ ਕਹਿਣਗੇ, ਉਥੇ ਇਹ ਯੋਗਸ਼ਾਲਾ ਸ਼ੁਰੂ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ’ਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧਦਾ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ ਅਤੇ ਯੋਗ ਇਸ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਜੀਵਨ ਲਈ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ਵਿਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਕੇ ਸਹੀ ਮਾਨਸਿਕ ਤੇ ਸਰੀਰਿਕ ਤਵਾਜ਼ਨ ਬਿਠਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਲੋਕਾਂ ਨੂੰ ਕਈ ਸਬਕ ਸਿਖਾਏ ਅਤੇ ਲੋਕਾਂ ਨੂੰ ਕੁਦਰਤ ਨਾਲ ਪਿਆਰ ਕਰਦਿਆਂ ਜੀਵਨ ਜੀਣ ਦਾ ਸਲੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਹਾਂਮਾਰੀ ਦੇ ਗੰਭੀਰ ਨਤੀਜੇ ਸਾਡੇ ਸਾਹਮਣੇ ਹਨ ਪਰ ਇਸ ਨੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਕੁਦਰਤ ਦੇ ਨਿਯਮਾਂ ਮੁਤਾਬਕ ਜ਼ਿੰਦਗੀ ਜੀਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਮਈ-ਜੂਨ ਵਿਚ ਪੇਪਰ ਹੋਵੇਗਾ ਅਤੇ ਅਕਤੂਬਰ ਵਿਚ ਫਿਜ਼ੀਕਲ ਟੈਸਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਨੌਜਵਾਨਾਂ ਦੇ ਫੋਨ ਆਉਂਦੇ ਹਨ, ਨੌਜਵਾਨ ਭਰਤੀ ਬਾਰੇ ਪੁੱਛਦੇ ਹਨ ਅਤੇ ਦੱਸਦੇ ਹਨ ਕਿ ਉਹ ਰੋਜ਼ਾਨਾ ਗਰਾਊਂਡ ਵਿਚ ਤਿਆਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਜ਼ਰੂਰੀ ਹੋਵੇਗੀ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਸ ਤਰ੍ਹਾਂ ਨੌਜਵਾਨਾਂ ਨੂੰ ਬੁਰੀ ਸੰਗਤ ਤੋਂ ਬਚਾਇਆ ਜਾ ਸਕਦਾ ਹੈ।