ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਵੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦਫ਼ਤਰ ਨੂੰ ਸੂਚਿਤ ਕਰਨ।
ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।