ਪੁਲੀਸ ਤੇ ਧਰਨਾਕਾਰੀਆਂ ਵਿਚਾਲੇ ਝੜਪ

ਫ਼ਿਰੋਜ਼ਪੁਰ/ ਜ਼ੀਰਾ :ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ’ਚ ਅੱਜ ਵੱਡੀ ਗਿਣਤੀ ’ਚ ਕਿਸਾਨ ਪੁੱਜੇ। ਅੱਜ ਕਿਸਾਨ, ਪੁਲੀਸ ਵੱਲੋਂ ਲਾਈਆਂ ਰੋਕਾਂ ਤੋੜ ਕੇ ਧਰਨੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ। ਸਥਿਤੀ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਖਿੱਚ-ਧੂਹ ਵਿੱਚ ਕੁਝ ਕਿਸਾਨ ਅਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਪੁਲੀਸ ਨੇ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਇੱਕ ਵੱਡਾ ਜੱਥਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸ਼ਰਾਬ ਫੈਕਟਰੀ ਦੇ ਸਾਹਮਣੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜਾ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧਰਨੇ ਵਿੱਚ ਸ਼ਾਮਲ ਹੋਣ ਦੀ ਜ਼ਿੱਦ ’ਤੇ ਅੜੇ ਰਹੇ। ਇਸ ਦੌਰਾਨ ਸ਼ੁਰੂ ਹੋਈ ਬਹਿਸ ਮਗਰੋਂ ਖਿੱਚ-ਧੂਹ ਵਿੱਚ ਬਦਲ ਗਈ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਜਿਸ ਤੋਂ ਸਥਿਤੀ ਹੋਰ ਵਿਗੜ ਗਈ। ਧਰਨਾਕਾਰੀਆਂ ਨੇ ਵੀ ਅੱਗੋਂ ਲਾਠੀਚਾਰਜ ਦਾ ਜਵਾਬ ਲਾਠੀਆਂ ਨਾਲ ਦਿੱਤਾ। ਹੁਣ ਤੱਕ 32 ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਇਸ ਧਰਨੇ ਦੇ ਬਾਹਰ ਪਹੁੰਚ ਚੁੱਕੇ ਹਨ। ਧਰਨਾਕਾਰੀ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਹਨ। ਕੱਲ੍ਹ ਉਗਰਾਹਾਂ ਧੜੇ ਦੇ ਮੈਂਬਰ ਪੁਲੀਸ ਬੈਰੀਕੇਡ ਹਟਾ ਕੇ ਧਰਨੇ ਵਿੱਚ ਸ਼ਾਮਲ ਹੋਏ ਸਨ ਅਤੇ ਅੱਜ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੁਲੀਸ ਬੈਰੀਕੇਡ ਤੋੜ ਕੇ ਧਰਨੇ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਥੇ ਹੁਣ ਦਿੱਲੀ ਕਿਸਾਨ ਅੰਦੋਲਨ ਵਾਲੇ ਹਾਲਾਤ ਬਣਦੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਇਹ ਫ਼ੈਕਟਰੀ ਬੰਦ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫ਼ਿਰੋਜ਼ਪੁਰ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਅੱਜ ਸਾਂਝਾ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਪੰਜ ਜਾਂਚ ਕਮੇਟੀਆਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਪਰ ਆਗੂ ਇਸ ਗੱਲ ਲਈ ਰਾਜ਼ੀ ਨਹੀਂ ਹੋਏ। ਉਹ ਫ਼ੈਕਟਰੀ ਮਾਲਕ ਦੀਪ ਮਲਹੋਤਰਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

ਹਾਈ ਕੋਰਟ ਿਵੱਚ ਸਰਕਾਰ ਨੇ ਪ੍ਰਗਤੀ ਰਿਪੋਰਟ ਪੇਸ਼ ਕੀਤੀ

ਚੰਡੀਗੜ੍ਹ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਪੰਜਾਬ ਸਰਕਾਰ ਨੇ ਜ਼ੀਰਾ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਮਾਮਲੇ ਵਿਚ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਅੱਜ ਸੁਣਵਾਈ ਦੌਰਾਨ ਜ਼ੀਰਾ ਦੀ ਮਾਲਬਰੋਜ਼ ਫ਼ੈਕਟਰੀ ਦਾ ਰਸਤਾ ਖ਼ਾਲੀ ਕਰਾਉਣ ਲਈ ਕੀਤੀਆਂ ਕੋਸ਼ਿਸ਼ਾਂ ਬਾਰੇ ਪ੍ਰਗਤੀ ਰਿਪੋਰਟ ਸੌਂਪੀ ਗਈ। ਪੰਜਾਬ ਸਰਕਾਰ ਨੇ ਦੱਸਿਆ ਕਿ ਸ਼ਰਾਬ ਫੈਕਟਰੀ ਦਾ ਇੱਕ ਦਰਵਾਜ਼ਾ ਪ੍ਰਦਰਸ਼ਨਕਾਰੀਆਂ ਤੋਂ ਖਾਲੀ ਕਰਾ ਦਿੱਤਾ ਗਿਆ ਹੈ। ਸਰਕਾਰ ਨੇ ਅਮਨ-ਕਾਨੂੰਨ ਦੀ ਤਾਜ਼ਾ ਬਣੀ ਸਥਿਤੀ ਤੋਂ ਵੀ ਹਾਈ ਕੋਰਟ ਨੂੰ ਜਾਣੂ ਕਰਾ ਦਿੱਤਾ ਹੈ। ਹਾਈ ਕੋਰਟ ਨੇ ਅਗਲੀ ਸੁਣਵਾਈ ਹੁਣ 23 ਦਸੰਬਰ ਨੂੰ ਤੈਅ ਕੀਤੀ ਹੈ। ਸਰਕਾਰ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਦੇ 300 ਮੀਟਰ ਦੇ ਘੇਰੇ ’ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕੀਤੀ ਪੁਲੀਸ ਕਾਰਵਾਈ ਅਤੇ ਦਰਜ ਕੇਸਾਂ ਦਾ ਵੇਰਵਾ ਵੀ ਦਿੱਤਾ। ਚੇਤੇ ਰਹੇ ਕਿ ਕਾਫ਼ੀ ਪਿੰਡਾਂ ਦੇ ਬਣੇ ਸਾਂਝੇ ਮੋਰਚੇ ਵੱਲੋਂ 24 ਜੁਲਾਈ ਤੋਂ ਸ਼ਰਾਬ ਫ਼ੈਕਟਰੀ ਅੱਗੇ ਪੱਕਾ ਮੋਰਚਾ ਲਾਇਆ ਹੋਇਆ ਹੈ। ਫੈਕਟਰੀ ਮਾਲਕ ਨੇ ਇਸ ਮੋਰਚੇ ਕਾਰਨ ਹੋ ਰਹੇ ਨੁਕਸਾਨ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਦੇ ਹੁਕਮਾਂ ’ਤੇ ਸਰਕਾਰ ਨੇ 20 ਕਰੋੜ ਦੀ ਰਾਸ਼ੀ ਵੀ ਰਜਿਸਟਰੀ ਕੋਲ ਜਮ੍ਹਾਂ ਕਰਾਈ ਹੈ।

Leave a Reply

error: Content is protected !!