ਕੇਬੀਐੱਸ ਸਿੱਧੂ ਕੋਲੋਂ ਦੂਜੇ ਦਿਨ ਵੀ ਪੁੱਛ-ਪੜਤਾਲ

ਚੰਡੀਗੜ੍ਹ : ਪੰਜਾਬ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਕੇਬੀਐੱਸ ਸਿੱਧੂ ਅੱਜ ਲਗਾਤਾਰ ਦੂਸਰੇ ਦਿਨ ਵਿਜੀਲੈਂਸ ਅਧਿਕਾਰੀਆਂ ਦੇ ਮੂਹਰੇ ਪੇਸ਼ ਹੋਏ। ਉਨ੍ਹਾਂ ਕੋਲੋਂ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘਪਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਉਚ ਅਧਿਕਾਰੀਆਂ ਦਾ ਦੱਸਣਾ ਹੈ ਕਿ ਸ੍ਰੀ ਸਿੱਧੂ ਨੂੰ ਉਨ੍ਹਾਂ ਦੇ ਪੁੱਤਰ ਦੇ ਵਪਾਰਕ ਕੰਮਾਂ ਦੇ ਹਿਸਾਬ-ਕਿਤਾਬ ਸਬੰਧੀ ਜਾਣਕਾਰੀ ਦੇਣ ਲਈ ਅੱਜ ਸੱਦਿਆ ਗਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਦਸਤਾਵੇਜ਼ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਸਿੱਧੂ ਸੋਮਵਾਰ ਨੂੰ ਵੀ ਵਿਜੀਲੈਂਸ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਏ ਸਨ। ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਸਵੇਰ ਸਮੇਂ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਤੋਂ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਪੁੱਛ-ਪੜਤਾਲ ਕੀਤੀ ਗਈ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਸਿੱਧੂ ਨੂੰ ਲੋੜ ਪੈਣ ’ਤੇ ਮੁੜ ਸੱਦਿਆ ਜਾਵੇਗਾ। ਸ੍ਰੀ ਸਿੱਧੂ ਕਈ ਮਹੀਨੇ ਵਿਦੇਸ਼ ਵਿੱਚ ਰਹੇ ਹਨ। ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਹੀ ਇਹ ਸੇਵਾਮੁਕਤ ਅਧਿਕਾਰੀ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਸਿੰਜਾਈ ਘਪਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਅਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨਾਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਅਤੇ ਦੋਹਾਂ ਦੇ ਨਿੱਜੀ ਸਹਾਇਕਾਂ ਤੋਂ ਪੁੱਛ-ਪੜਾਲ ਤੋਂ ਬਾਅਦ ਸਾਰੇ ਵਿਅਕਤੀਆਂ ਦੇ ਬਿਆਨਾਂ ਅਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120 ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਮਹੱਤਵਪੂਰਨ ਤੱਥ ਇਹ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਇੱਕ ਇਕਬਾਲੀਆ ਬਿਆਨ ਦਰਜ ਕਰਾਇਆ ਗਿਆ ਸੀ ਜਿਸ ਠੇਕੇਦਾਰ ਨੇ ਇੱਕ ਸੇਵਾ ਮੁਕਤ ਅਧਿਕਾਰੀ ਨੂੰ 5.50 ਕਰੋੜ, ਦੂਜੇ ਅਧਿਕਾਰੀ ਨੂੰ 8.50 ਕਰੋੜ, ਇੱਕ ਹੋਰ ਸੇਵਾਮੁਕਤ ਅਧਿਕਾਰੀ ਨੂੰ 7 ਕਰੋੜ ਰੁਪਏ ਦੀ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਰਿਸ਼ਵਤ ਦੇਣ ਦਾ ਕਾਰਨ ਵਿਭਾਗ ਤੋਂ ਬਿਲ ਪਾਸ ਕਰਾਉਣਾ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਵਿੱਚ ਦੇਣ ਦੀ ਗੱਲ ਕਬੂਲ ਕੀਤੀ ਸੀ। ਠੇਕੇਦਾਰ ਵੱਲੋਂ ਦੋ ਸਾਬਕਾ ਮੰਤਰੀਆਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਮੋਟਾ ਗੱਫਾ ਦੇਣ ਦਾ ਖੁਲਾਸਾ ਵੀ ਕੀਤਾ ਸੀ।

Leave a Reply

error: Content is protected !!