ਓਪੀ ਸੋਨੀ ਨੇ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪੇ

ਅੰਮ੍ਰਿਤਸਰ : ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਦੀ ਚੱਲ ਰਹੀ ਜਾਂਚ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਆਪਣੀ ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੇ ਹਨ। ਵਿਜੀਲੈਂਸ ਬਿਊਰੋ ਨੇ ਇਨ੍ਹਾਂ ਵੇਰਵਿਆਂ ਨੂੰ ਘੋਖਣਾ ਸ਼ੁਰੂ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ ਦੋਸ਼ ਹੈ ਕਿ ਉਨ੍ਹਾਂ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 29 ਨਵੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਵਾਸਤੇ ਸੱਦਿਆ ਸੀ। ਹੁਣ ਤੱਕ ਉਹ ਇਕ ਵਾਰ ਵਿਜੀਲੈਸ ਬਿਉਰੋ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਇਆ ਅਤੇ ਵਿਭਾਗ ਵੱਲੋਂ ਮੰਗੇ ਗਏ ਦਸਤਾਵੇਜ਼ ਸੌਂਪੇ ਹਨ। ਇਸ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਪਰਿਵਾਰ ਵੱਲੋਂ ਜਾਇਦਾਦ ਸਬੰਧੀ ਵੇਰਵੇ ਸੌਂਪੇ ਗਏ ਹਨ ਅਤੇ ਵਿਭਾਗ ਵੱਲੋਂ ਇਨ੍ਹਾਂ ਵੇਰਵਿਆਂ ਦੀ ਘੋਖ ਸ਼ੁਰੂ ਕਰ ਦਿੱਤੀ ਗਈ ਹੈ। ਇਸ ਜਾਂਚ ਵਿੱਚ ਕੁਝ ਸਮਾਂ ਲੱਗੇਗਾ। ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਕੁਝ ਦਸਤਾਵੇਜ਼ ਦਿੱਤੇ ਗਏ ਸਨ ,ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀ ਚਲ-ਅਚਲ ਜਾਇਦਾਦ ਦੇ ਵੇਰਵੇ ਦਰਜ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਬੈਂਕ ਖਾਤਿਆਂ ਦੀ ਜਾਣਕਾਰੀ ਅਤੇ ਆਮਦਨ ਦੇ ਸਰੋਤਾ ਦੀ ਜਾਣਕਾਰੀ ਵੀ ਮੰਗੀ ਗਈ ਸੀ। ਇਸ ਮਾਮਲੇ ਵਿਚ ਉਨ੍ਹਾਂ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ। ਪਿਛਲੀ ਵਾਰ ਵੀ ਸ੍ਰੀ ਸੋਨੀ ਦੀ ਥਾਂ ਉਨ੍ਹਾਂ ਦੇ ਭਤੀਜੇ ਨੇ ਵਿਜਲੈਂਸ ਬਿਊਰੋ ਕੋਲ ਪੇਸ਼ ਹੋ ਕੇ ਇਸ ਦਸਤਾਵੇਜ਼ ਦੇ ਵੇਰਵੇ ਪੂਰੇ ਕਰਨ ਲਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਸੀ।

Leave a Reply