ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦਾ SDO ਤੇ ਡਰਾਈਵਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐੱਸ. ਡੀ. ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।