ਸਰਕਾਰ ਸਿੱਖ ਵਿਰੋਧੀ ਮਾਹੌਲ ਸਿਰਜ ਰਹੀ ਹੈ, ਬੀਬੀ ਕਿਰਨਦੀਪ ਕੌਰ ਨਾਲ ਤੰਗ-ਪ੍ਰੇਸ਼ਾਨ ਕਰਨਾ ਗ਼ਲਤ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੀਤੇ ਦਿਨ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬਾ ਕਿਰਨਦੀਪ ਕੌਰ ਨੂੰ ਅਧਿਕਾਰੀਆਂ ਵੱਲੋਂ ਲੰਡਨ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਕਿਹਾ ਕਿ ਪੁਲਸ ਪਹਿਲਾਂ ਹੀ ਅਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਰਨਦੀਪ ਕੌਰ ‘ਤੇ ਕੋਈ ਐੱਫ. ਆਈ. ਆਰ. ਵੀ ਦਰਜ ਨਹੀਂ ਹੈ ਅਤੇ ਉਹ ਬ੍ਰਿਟਿਸ਼ ਨਾਗਰਿਕ ਹੈ। ਬ੍ਰਿਟੇਨ (ਯੂਕੇ) ‘ਚ ਉਸ ਦਾ ਘਰ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਸ ਨੂੰ ਰੋਕਣਾ ਠੀਕ ਨਹੀਂ ਹੈ। ਜਥੇਦਾਰ ਨੇ ਕਿਹਾ ਹੈ ਕਿ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਕਿਰਨਦੀਪ ਕੌਰ ਦਾ ਕੋਈ ਕਸੂਰ ਨਹੀਂ ਹੈ ਤਾਂ ਉਸ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁੱਛਗਿਛ ਦੇ ਨਾਂ ‘ਤੇ ਕੁੜੀ ਨਾਲ ਸਰਕਾਰ ਦਾ ਇਹ ਰਵੱਈਆ ਠੀਕ ਨਹੀਂ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਜਦੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਇੰਗਲੈਂਡ ਲਈ ਉਡਾਣ ਭਰਨ ਜਾ ਰਹੀ ਸੀ ਤਾਂ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਛਗਿੱਛ ਲਈ ਰੋਕ ਲਿਆ ਗਿਆ ਸੀ। ਇਸ ਤੋਂ ਬਾਅਦ ਫਲਾਇਟ ਇੰਗਲੈਂਡ ਲਈ ਉਡਾਣ ਭਰ ਗਈ ਸੀ ਪਰ ਕਿਰਨਦੀਪ ਕੌਰ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਾਰਨ ਉਹ ਘਰ ਪਰਤ ਆਈ ਸੀ। ਉਧਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਭਗਵੰਤ ਮਾਨ ਦੀ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਸੂਰ ਤੋਂ ਬੀਬੀ ਕਿਰਨਦੀਪ ਕੌਰ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ।