ਆਮ ਆਦਮੀ ਪਾਰਟੀ ਦੀਆਂ ਫਰਜ਼ੀ ਗਾਰੰਟੀਆਂ ਲਈ ਮਹਿਲਾ ਵੋਟਰ ਉਨ੍ਹਾਂ ਨੂੰ ਸਬਕ ਸਿਖਾਉਣਗੀਆਂ : ਰਾਜਾ ਵੜਿੰਗ
ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਝੂਠੇ ਵਾਅਦਿਆਂ ਨਾਲ ਧੋਖਾ ਦੇਣ ਲਈ ਕਰੜੇ ਹੱਥੀਂ ਲਿਆ ਹੈ ।
ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣਾ ਆਧਾਰ ਗਵਾ ਚੁੱਕੀ ਹੈ, ਉਨ੍ਹਾਂ ਕਿਹਾ ਕਿ ਜਲੰਧਰ ਦੇ ਵੋਟਰ ਮਰਹੂਮ ਸੰਤੋਖ ਸਿੰਘ ਚੌਧਰੀ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਪਾਏ ਯੋਗਦਾਨ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਮਰਹੂਮ ਚੌਧਰੀ ਸਾਹਿਬ ਦੀ ਧਰਮ ਪਤਨੀ ਸ੍ਰੀਮਤੀ ਕਰਮਜੀਤ ਕੌਰ ਚੌਧਰੀ ਪੜ੍ਹੀ-ਲਿਖੀ ਔਰਤ ਹੀ ਨਹੀਂ ਸਗੋਂ ਹਲਕੇ ਦੇ ਲੋਕਾਂ ਪ੍ਰਤੀ ਵਚਨਬੱਧਤਾ, ਸੇਵਾ, ਯੋਗਦਾਨ ਅਤੇ ਸਮਰਪਣ ਦੀ ਅਮੀਰ ਵਿਰਾਸਤ ਨੂੰ ਵੀ ਨਾਲ ਲੈ ਕੇ ਚੱਲ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਉਹ ਜਲੰਧਰ ਵਾਸੀਆਂ ਲਈ ਸਭ ਤੋਂ ਬਿਹਤਰ ਵਿਕਲਪ ਹਨ। ਜਲੰਧਰ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਵੋਟਾਂ ਪਾ ਕੇ ਇਸ ਦਾ ਸਬੂਤ ਦੇਣਗੇ ਅਤੇ ਹਲਕੇ ‘ਚੋਂ ‘ਆਪ’ ਦਾ ਸਫਾਇਆ ਕਰ ਦੇਣਗੇ।
ਸੂਬਾ ਪ੍ਰਧਾਨ ਨੇ ‘ਬਦਲਾਵ’ ਦੀ ਆੜ ਵਿੱਚ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ। “ਆਮ ਆਦਮੀ ਪਾਰਟੀ ਨੇ ਆਪਣੇ ਝੂਠੇ ਦਾਅਵਿਆਂ ਨੂੰ ਪ੍ਰਮਾਣਿਤ ਕਰਨ ਲਈ ਵੱਡੇ-ਵੱਡੇ ਵਾਅਦੇ ਕੀਤੇ ਅਤੇ ਟੈਕਸ ਦਾਤਾਵਾਂ ਦਾ ਪੈਸਾ ਬਰਬਾਦ ਕੀਤਾ। ਇਹ ਨਸ਼ਾਖੋਰੀ ਨੂੰ ਖਤਮ ਕਰਨ, ਰੇਤ ਮਾਫੀਆ ਨੂੰ ਕੁਚਲਣ, ਬੇਅਦਬੀ ਕਾਂਡ ਵਿੱਚ ਨਿਆਂ ਯਕੀਨੀ ਬਣਾਉਣ, ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ, ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਬੁਢਾਪਾ ਪੈਨਸ਼ਨ ਵਧਾਉਣ, ਗੈਂਗਸਟਰ ਕਲਚਰ ਨੂੰ ਖਤਮ ਕਰਨ, ਸੂਬੇ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਸਾਰੇ ਮੋਰਚਿਆਂ ‘ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਹ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹੋਰ ਵਾਅਦਿਆਂ ਅਤੇ ਗਾਰੰਟੀਆਂ ਤੋਂ ਪਿੱਛੇ ਹਟ ਗਏ ਹਨ।
ਜਲੰਧਰ ਵਿੱਚ ਚੋਣ ਪ੍ਰਚਾਰ ਦੌਰਾਨ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਵੋਟਰਾਂ ਖਾਸਕਰ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ 10 ਮਈ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਣ ਸਮੇਂ ‘ਆਪਣੀ ਇਸ਼ਤਿਹਾਰ ਪਾਰਟੀ’ ਦੀਆਂ ਸਾਰੀਆਂ ਝੂਠੀਆਂ ਅਤੇ ਫਰਜ਼ੀ ਗਾਰੰਟੀਆਂ ਨੂੰ ਧਿਆਨ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਦੇ ਹੋਏ ਦੇਸ਼ ਅਤੇ ਇਸ ਦੇ ਨਾਗਰਿਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਕੰਮ ਕੀਤਾ ਹੈ। ਇਸ ਨੇ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖ ਕੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵਿੱਚ ਆਪਣਾ ਅਟੁੱਟ ਵਿਸ਼ਵਾਸ ਪ੍ਰਗਟ ਕੀਤਾ ਹੈ, ਉਨ੍ਹਾਂ ਕਿਹਾ ਕਿ ਉਹ ਸੂਬੇ ਨੂੰ ਮੁੜ ਗੁਲਾਮੀ ਅਤੇ ਖਾੜਕੂਵਾਦ ਦੇ ਦਿਨਾਂ ਵਿੱਚ ਧੱਕਣ ਲਈ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ 10 ਮਈ ਨੂੰ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਵੋਟ ਪਾ ਕੇ ‘ਆਪ’ ਲੀਡਰਸ਼ਿਪ ਨੂੰ ਮੂੰਹ ਤੋੜਵਾਂ ਜਵਾਬ ਦੇਣ।