ਡਾ.ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਦੇਹ ਦੁਬਈ ਤੋਂ ਪੰਜਾਬ ਪਹੁੰਚੀ

ਮੋਗਾ: ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜੁਆਨਾਂ ਵਾਂਗ ਅਪਣੇ ਪ੍ਰਵਾਰ ਦੇ ਆਰਥਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਡਾ. ਉਬਰਾਏ ਨੇ ਦਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪ੍ਰਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰਤ ਸਾਰੀ ਲੋੜੀਂਦੀ ਕਾਗ਼ਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦਸਿਆ ਕਿ ਗੁਰਦੀਪ ਸਿੰਘ ਦੀ ਦੇਹ ਭਾਰਤ ਭੇਜਣ ਲਈ ਆਇਆ ਖ਼ਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀੜਤ ਪ੍ਰਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖ਼ਜ਼ਾਨਚੀ ਨਵਜੀਤ ਘਈ ਨੇ ਦਸਿਆ ਕਿ ਡਾ. ਉਬਰਾਏ ਦੇ ਯਤਨਾਂ ਸਦਕਾ ਹੁਣ ਤਕ 325 ਦੇ ਕਰੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ’ਤੇ ਦੇਹ ਲੈਣ ਪਹੁੰਚੇ ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐਸ.ਪੀ. ਸਿੰਘ ਉਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪ੍ਰਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Leave a Reply

error: Content is protected !!