418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ 

ਚੰਡੀਗੜ੍ਹ: ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 418 ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈ.) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

Leave a Reply

error: Content is protected !!