CM ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਬਿਆਨ
ਚੰਡੀਗੜ੍ਹ – ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਅਸ਼ਵਨੀ ਸ਼ਰਮਾ ਨੇ ਅੱਜ ਪਠਾਨਕੋਟ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ R&F ਫੰਡ ਜਾਰੀ ਨਹੀਂ ਕਰ ਰਹੀ ਕਿਉਂਕਿ ਸੂਬਾ ਸਰਕਾਰਾਂ ਨੇ ਐਨਓਸੀ ਦੇਣੀ ਹੁੰਦੀ ਹੈ ਅਤੇ ਜਦੋਂ ਤੱਕ ਐਨਓਸੀ ਨਹੀਂ ਦਿੱਤੀ ਜਾਂਦੀ, ਫੰਡ ਜਾਰੀ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਰੌਲਾ ਪਾ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਕੇਂਦਰੀ ਨੀਤੀ ਕਮਿਸ਼ਨ ਦੀ ਮੀਟਿੰਗ ਦਾ ਬਾਈਕਾਟ ਇਸ ਲਈ ਨਹੀਂ ਕੀਤਾ ਕਿਉਂਕਿ ਕੇਂਦਰ ਵੱਲੋਂ ਆਰ ਐਂਡ ਐੱਫ ਫੰਡ ਜਾਰੀ ਨਹੀਂ ਕੀਤਾ ਬਲਕਿ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਮੀਟਿੰਗ ਦਾ ਬਾਈਕਾਟ ਕੀਤਾ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਟੁੱਟ ਚੁੱਕੀ ਹੈ। ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਹਰ ਰੋਜ਼ ਵੱਖ-ਵੱਖ ਥਾਵਾਂ ‘ਤੇ ਘਟਨਾਵਾਂ ਵਾਪਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਹੋਰ ਵੀ ਬਦਤਰ ਹੋ ਜਾਵੇਗੀ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਵਿਚ ਲਿਪਤ ਹਨ। ਉਨ੍ਹਾਂ ਦੇ ਵਿਧਾਇਕਾਂ ਦੇ ਪਿਓ ਰਿਸ਼ਵਤ ਲੈਂਦੇ ਫੜੇ ਜਾਂਦੇ ਹਨ, ਪਰ ਕੋਈ ਕਾਰਵਾਈ ਨਹੀਂ ਹੁੰਦੀ, ਜਦੋਂ ਕਿ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।