ਅਰਵਿੰਦ ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, NITI ਆਯੋਗ ਦੀ ਬੈਠਕ ‘ਚ ਨਹੀਂ ਹੋਣਗੇ ਸ਼ਾਮਲ
ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਦਿੱਲੀ ਵਿਚ ਨੌਕਰਸ਼ਾਹਾਂ ਦੇ ਤਬਾਦਲੇ ‘ਤੇ ਕੇਂਦਰ ਦੇ ਤਾਜ਼ਾ ਆਰਡੀਨੈਂਸ ਕਾਰਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਹਾਲ ਹੀ ਵਿਚ ਜਾਰੀ ਕੀਤੇ ਇੱਕ ਆਰਡੀਨੈਂਸ ਰਾਹੀਂ ਨੌਕਰਸ਼ਾਹੀ ਉੱਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਦਾ ਕੰਟਰੋਲ ਵਾਪਸ ਲੈ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 11 ਮਈ ਨੂੰ ਸਰਬਸੰਮਤੀ ਨਾਲ ਫ਼ੈਸਲਾ ਸੁਣਾਇਆ ਸੀ ਕਿ ਦਿੱਲੀ ਸਰਕਾਰ ਕੋਲ ਜਨਤਕ ਵਿਵਸਥਾ, ਪੁਲਿਸ ਅਤੇ ਜ਼ਮੀਨ ਤੋਂ ਇਲਾਵਾ ਹੋਰ ਸੇਵਾਵਾਂ ‘ਤੇ ਵਿਧਾਨਕ ਅਤੇ ਪ੍ਰਸ਼ਾਸਨਿਕ ਸ਼ਕਤੀਆਂ ਦਾ ਕੰਟਰੋਲ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਅੱਠਵੀਂ ਮੀਟਿੰਗ ਦੀ ਪ੍ਰਧਾਨਗੀ ਕਰਨ ਜਾ ਰਹੇ ਹਨ। ਇੱਕ ‘ਆਪ’ ਆਗੂ ਨੇ ਦੱਸਿਆ ਕਿ ਮਾਨ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਫੰਡਾਂ ਦੀ ਵੰਡ ਦੇ ਮੁੱਦੇ ’ਤੇ ਪੰਜਾਬ ਨਾਲ ਕੀਤੇ ਕਥਿਤ ਵਿਤਕਰੇ ਦੇ ਵਿਰੋਧ ਵਿਚ ਲਿਆ ਹੈ।