ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 12 ਲੱਖ ਦਾ ਕਰਜ਼ਾ
ਮਾਨਸਾ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ ‘ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਜ਼ਿਲ੍ਹਾ ਮਾਨਸਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।
ਪਿੰਡ ਕੋਟਧਰਮੂ ਵਿਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦਸਿਆ ਕਿ ਕਿਸਾਨ ਕੌਰ ਸਿੰਘ ਪੁੱਤਰ ਜੋਗਿੰਦਰ ਸਿੰਘ ਉੱਪਰ 12 ਲੱਖ ਦੇ ਕਰੀਬ ਕਰਜ਼ਾ ਚੜ੍ਹਿਆ ਹੋਇਆ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਤੇ ਬੀਤੀ ਰਾਤ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਅੱਜ ਸਵੇਰੇ ਪਤਾ ਲੱਗਿਆ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।