ਫੀਚਰਜ਼ਫ਼ੁਟਕਲ

ਜਿੰਪਾ ਵੱਲੋਂ ਪੰਜਾਬ ਰਾਜ ਜ਼ਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।

ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਯੂਨੀਅਨ ਦੇ ਆਗੂਆਂ ਵੱਲੋਂ ਉਠਾਏ ਗਏ ਮੁੱਦਿਆਂ ਤੇ ਕ੍ਰਮਵਾਰ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪਹਿਲਾਂ ਤੋਂ ਹੀ ਕਾਰਜ਼ਸ਼ੀਲ ਹੈ।

ਜਿਲ੍ਹਾ ਦਫਤਰਾਂ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਵਾਸਤੇ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ 29000 ਦੇ ਲਗਭਗ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਦੀ ਭਰਤੀ ਵਾਸਤੇ ਪ੍ਰਕ੍ਰਿਆ ਨੂੰ ਹੋਰ ਤੇਜ ਕਰਨ ਲਈ ਕਿਹਾ।

ਪੁਨਰਗਠਨ ਦੌਰਾਨ ਖਤਮ ਹੋਈਆਂ ਅਸਾਮੀਆਂ ਬਹਾਲ ਕਰਨ ਅਤੇ ਕੁਝ ਹੋਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮੰਗ ਬਾਰੇ ਮਾਲ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੁਝ ਮਾਮਲੇ ਪਹਿਲਾਂ ਤੋਂ ਹੀ ਵਿੱਤ ਵਿਭਾਗ ਦੇ ਵਿਚਾਰ ਅਧੀਨ ਹਨ। ਉਨ੍ਹਾਂ ਕਿਹਾ ਕਿ ਹੋਰ ਲੋੜੀਂਦੀਆਂ ਅਸਾਮੀਆਂ ਦੀ ਬਹਾਲੀ ਜਾਂ ਨਵੀਂ ਰਚਨਾ ਬਾਰੇ ਵੀ ਤਜ਼ਵੀਜ ਜਲਦੀ ਹੀ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਮਾਲ ਮੰਤਰੀ ਨੇ ਇੱਕ ਜਿਲ੍ਹੇ ਤੋਂ ਦੂਸਰੇ ਜਿਲ੍ਹੇ ਵਿੱਚ ਤਬਾਦਲੇ ਨਾਲ ਸਬੰਧਤ ਮਸਲਿਆਂ ਦਾ ਹੱਲ ਵੀ ਜਲਦੀ ਹੀ ਕਰਨ ਦਾ ਭਰੋਸਾ ਦਿੱਤਾ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਤੇ ਮੁੜ ਵਸੇਬਾ ਕੇ.ਏ.ਪੀ. ਸਿਨਹਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਆਈ.ਜੀ.ਪੀ. (ਇੰਟੈਲੀਜੈਂਸ) ਜਸਕਰਨ ਸਿੰਘ ਵੀ ਹਾਜਰ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-