ਪਟਿਆਲਾ ਦੇ ਸਰਕਾਰੀ ਸਕੂਲ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਅੰਦਰ ਮੇਗਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਦੇ ਇਕ ਸਰਕਾਰੀ ਸਕੂਲ ਵਿਚ ਪਹੁੰਚੇ। ਜਿੱਥੇ ਉਨ੍ਹਾਂ ਨੇ ਨਾ ਸਿਰਫ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਸਗੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਕੇ ਅੱਗੇ ਵਧਣ ਦਾ ਗੁਰ ਦਿੱਤਾ।

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਅਧਿਆਪਕ-ਮਾਪੇ ਮਿਲਣੀ ਤਹਿਤ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮਿਲਣੀ ਲਈ ਬੱਚਿਆਂ ਦੇ ਮਾਪਿਆਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ। ਜਿੱਥੇ ਮਾਪੇ ਆਪਣੇ ਬੱਚਿਆਂ ਨਾਲ ਸਕੂਲ ਪੁੱਜੇ, ਉਥੇ ਹੀ ਉਨ੍ਹਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਖਿੱਤਿਆ ’ਚ ਪ੍ਰਾਪਤੀਆ ਬਾਰੇ ਨੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ। ਨਾਲ ਹੀ ਪੜ੍ਹਾਈ ਵਿਚ ਕਮਜ਼ੋਰ ਬੱਚਿਆਂ ਨੂੰ ਕਿਸ ਤਰੀਕੇ ਨਾਲ ਉਤਸ਼ਾਹਿਤ ਕਰਕੇ ਅੱਗੇ ਲਿਆਂਦਾ ਜਾ ਸਕਦਾ ਹੈ ਬਾਰੇ ਵੀ ਬੱਚਿਆਂ ਅਤੇ ਮਾਪਿਆਂ ਨਾਲ ਕੌਂਸਲਿੰਗ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਪੀ.ਟੀ.ਐਮ. ਦਾ ਡੀ.ਸੀ. ਨੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਕੋਟਲਾ ਬਜਵਾੜਾ ਦੇ ਸਰਕਾਰੀ ਸਕੂਲ ਵਿਖੇ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਾਮਲ ਹੁੰਦੇ ਹੋਏ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਕੋਟਲਾ ਬਜਵਾੜਾ ਦੇ ਸਰਕਾਰੀ ਸਕੂਲ ਵਿਖੇ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਾਮਲ ਹੁੰਦੇ ਹੋਏ।

ਫ਼ਤਹਿਗੜ੍ਹ ਸਾਹਿਬ: ਸਕੂਲ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਦਾ ਵਿਕਾਸ ਸਰਕਾਰ ਦੀ ਪਹਿਲੀ ਤਰਜ਼ੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੋਟਲਾ ਬਜਵਾੜਾ ਦੇ ਸਰਕਾਰੀ ਸਕੂਲ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿਸ਼ਾਲ ਮਾਪੇ ਅਧਿਆਪਕ ਮਿਲਣੀ ਵਿੱਚ ਬੱਚਿਆਂ ਦੇ ਮਾਂ-ਬਾਪ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਆਪਸ ਵਿੱਚ ਬੈਠ ਕੇ ਸਿੱਖਿਆ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕਰਨਗੇ ਜਿਸ ਦੇ ਸ਼ਾਨਦਾਰ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਦਾ ਬੱਚਿਆਂ ਦੀ ਸਖਸ਼ੀਅਤ ਤੇ ਵੀ ਸ਼ਾਨਦਾਰ ਪ੍ਰਭਾਵ ਪਵੇਗਾ ਅਤੇ ਉਹ ਆਪਣੀਆਂ ਛੋਟੀਆਂ-ਛੋਟੀਆਂ ਗਲਤੀਆਂ ਤੋਂ ਸਿੱਖ ਕੇ ਹੋਰ ਬਿਹਤਰ ਇਨਸਾਨ ਬਣ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 100 ਸਕੂਲ ਆਫ ਐਨੀਮੈਂਨਟਸ ਵੀ ਬਣਾਏ ਜਾ ਰਹੇ ਹਨ ਜਿਥੇ ਕਿ ਆਧੁਨਿਕ ਤਕਨੀਕਾਂ ਨਾਲ ਪੜਾਈ ਕਰਵਾਈ ਜਾਵੇਗੀ।

               ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਹੋਰ ਨਿਖਾਰਨ ਲਈ ਪੂਰੇ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਤ ਕੀਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉਚੀਆਂ ਮੱਲਾਂ ਮਾਰ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀ ਰੋਜ਼ਾਨਾਂ ਗਤੀਵਿਧੀਆਂ ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਕਿਤਾਬਾਂ ਦਾ ਸਾਥ ਲੈਣ ਲਈ ਪ੍ਰੇਰਤ ਕੀਤਾ ਜਾਵੇ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਦੇ ਅਧਿਆਪਕਾਂ ਅਤੇ ਵਿਦਆਰਥੀਆਂ ਦੇ ਮਾਪਿਆਂ ਨੇ ਵਿਚਾਰ ਸਾਂਝੇ ਕੀਤੇ।

Leave a Reply