ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ ‘ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਚੰਡੀਗੜ੍ਹ : ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।