ਪੰਜਾਬ

ਪਾਕਿਸਤਾਨੀ ਡਰੋਨ ਬਰਾਮਦ ਕਰਵਾਉਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

ਫ਼ਿਰੋਜ਼ਪੁਰ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਨੂੰ ਬਰਾਮਦ ਕਰਨ ਦੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਅਤੇ ਫ਼ਿਰੋਜ਼ਪੁਰ ਦੇ ਡੀ.ਸੀ. ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਬਰਾਮਦ ਕਰਨ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੁਝ ਮਹੀਨੇ ਪਹਿਲਾਂ ਬੀ.ਐਸ.ਐਫ਼. ਵਲੋਂ ਵੀ ਅਜਿਹਾ ਹੀ ਇਕ ਯਤਨ ਕੀਤਾ ਗਿਆ ਸੀ।

ਫ਼ਿਰੋਜ਼ਪੁਰ ਦੇ ਐਸ.ਪੀ. ਡਿਟੈਕਟਿਵ ਰਣਧੀਰ ਕੁਮਾਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਤਸਕਰੀ ਦੇ ਮਕਸਦ ਨਾਲ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਡੀ.ਸੀ. ਵਲੋਂ ਪਹਿਲਕਦਮੀ ਕੀਤੀ ਗਈ ਹੈ। ਜੇਕਰ ਕੋਈ ਡਰੋਨ ਖੇਤਾਂ ‘ਚ ਲੁਕੇ ਹੋਏ, ਖੇਤਾਂ ‘ਚ ਡਿੱਗੇ ਜਾਂ ਪਾਕਿਸਤਾਨ ਤੋਂ ਆਉਣ ਦੀ ਸੂਚਨਾ ਦਿੰਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਅਤੇ ਡੀ.ਸੀ. ਵਲੋਂ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿਤੀ ਜਾਵੇਗੀ।

ਐਸ.ਪੀ. ਰਣਧੀਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਖੇਤਾਂ ‘ਚ ਡਿੱਗੇ ਡਰੋਨ ਜਾਂ ਪਾਕਿਸਤਾਨ ਤੋਂ ਆਏ ਡਰੋਨ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰਤ ਪੁਲਿਸ ਨੂੰ ਸੂਚਿਤ ਕਰਨ। ਅਜਿਹਾ ਕਰ ਕੇ ਪਾਕਿਸਤਾਨ ਵਾਲੇ ਪਾਸਿਉਂ ਨਸ਼ਿਆਂ ਦੀ ਤਸਕਰੀ ਨੂੰ ਰੋਕਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀ.ਐਸ.ਐਫ਼. ਅਧਿਕਾਰੀਆਂ ਨੇ 9 ਮਹੀਨੇ ਪਹਿਲਾਂ ਡਰੋਨ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਸੀ। ਜਨਤਾ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ 9417809047, 9417901144, 9417809014, 9417809014, 9417809018, 9417901150, 01812233348, 9417901350 ‘ਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਡਰੋਨਾਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-