‘ਆਪ’ ਸਰਕਾਰ ਦੀ ਅਣਦੇਖੀ ਤੋਂ ਪੀੜਤ ਕਿਸਾਨਾਂ ਦੇ ਹੰਝੂ ਪੂੰਝਣ ਲਈ ਖਡੂਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ

ਸ੍ਰ. ਬਾਦਲ ਨੇ ਸਰਕਾਰੀ ਤੰਤਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਤੋਂ ਬਿਨਾਂ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਲੋਕ ਆਪਣੀ ਮਦਦ ਆਪ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਨਾਜ਼ੁਕ ਸਮੇਂ ‘ਤੇ ਲੋਕਾਂ ਨੂੰ ਇਕੱਲਾ ਨਹੀਂ ਛੱਡੇਗਾ ਅਤੇ ਇਸੇ ਲੜੀ ਤਹਿਤ ਰਾਹਤ ਕਾਰਜਾਂ ਲਈ 20 ਹਜ਼ਾਰ ਲੀਟਰ ਡੀਜ਼ਲ ਦੀ ਤੁਰੰਤ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਪੀੜਤਾਂ ਨੂੰ ਯਕੀਨ ਦਿਵਾਇਆ ਕਿ 2027 ‘ਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਦਰਿਆਈ ਬੰਨ੍ਹਾਂ ਨੂੰ ਪੱਕਾ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ, ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਨੂੰ ਹਲਕੇ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਲਗਭਗ 15 ਹਜ਼ਾਰ ਏਕੜ ਤੋਂ ਵੱਧ ਫ਼ਸਲ ਪਾਣੀ ਦੀ ਭੇਟ ਚੜ੍ਹ ਗਈ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਸੰਵੇਦਨਹੀਣਤਾ ਦੀ ਹੱਦ ਹੈ ਕਿ ਦਾਅਵੇ ਵੱਡੇ-ਵੱਡੇ ਕੀਤੇ ਗਏ ਪਰ ਜ਼ਮੀਨ ‘ਤੇ ਕੋਈ ਵੀ ਅਧਿਕਾਰੀ ਲੋਕਾਂ ਦੇ ਦੁੱਖ-ਸੁੱਖ ਪੁੱਛਣ ਨਹੀਂ ਆਇਆ। ਅੰਤ ਵਿੱਚ, ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਖੁਦ ਪਹੁੰਚਣ ਨਾਲ ਪੀੜਤ ਲੋਕਾਂ ਦੇ ਹੌਂਸਲੇ ਬੁਲੰਦ ਹੋਏ ਹਨ।
ਇਸ ਦੌਰੇ ਮੌਕੇ ਸੀਨੀਅਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ ਅਤੇ ਹਲਕੇ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਉਨ੍ਹਾਂ ਦੇ ਨਾਲ ਸੀ।