*ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਦਾਇਰਾ ਵਧਾਉਣ ਲਈ ਮੰਨਾ ਤੇ ਹਰਦੀਪ ਗਿੱਲ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ*,

ਜੰਡਿਆਲਾ ਗੁਰੂ – ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਹਰਦੀਪ ਸਿੰਘ ਗਿੱਲ ਇੰਚਾਰਜ ਹਲਕਾ ਜੰਡਿਆਲਾ ਗੁਰੂ ਵੱਲੋਂ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਹੜ੍ਹਾਂ ਦੀ ਮਾਰ ਨਾਲ ਗ਼ਰੀਬ ਵਰਗ ਦੇ ਕੱਚੇ ਘਰਾਂ ਦੇ ਹੋਏ ਨੁਕਸਾਨ ਪ੍ਰਤੀ ਵਿਚਾਰ ਚਰਚਾ ਕਰਦੇ ਹੋਏ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕੀਤੀ। ਮੰਨਾ ਤੇ ਹਰਦੀਪ ਗਿੱਲ ਵੱਲੋਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪੰਜਾਬ ਵਿੱਚ 32 ਫ਼ੀਸਦੀ ਦਲਿਤ ਆਬਾਦੀ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੇ ਘਰ ਕੱਚੇ ਹਨ, ਪੂਰੇ ਪੰਜਾਬ ਵਿੱਚ ਲੋਕਾਂ ਦੇ ਕੱਚੇ ਘਰਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕੋਲ ਕੋਈ ਵੀ ਅਜਿਹੀ ਸਕੀਮ ਨਹੀਂ ਹੈ ਜਿਸ ਨਾਲ ਲੋਕਾਂ ਨੂੰ ਮਦਦ ਮਿਲ ਸਕੇ। ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਘੇਰਾ ਵਿਸ਼ਾਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਜ਼ਰੂਰਤਮੰਦ ਲੋਕਾਂ ਤੱਕ ਕੇਂਦਰ ਦੀ ਸਕੀਮ ਨਾਲ ਸਿੱਧੀ ਮਦਦ ਮਿਲ ਸਕੇ ਅਤੇ ਲੋਕ ਦੁਬਾਰਾ ਆਪਣੇ ਘਰ ਖੜ੍ਹੇ ਕਰ ਸਕਣ। ਮੰਨਾ ਤੇ ਹਰਦੀਪ ਗਿੱਲ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਅਸੀਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿੱਚ ਕੁਝ ਵਿਸ਼ੇਸ਼ ਪ੍ਰਬੰਧ ਕਰਕੇ ਗ਼ਰੀਬ ਪਰਿਵਾਰਾਂ ਤੱਕ ਮਦਦ ਪਹੁੰਚਾਉਣ ਦਾ ਰਾਹ ਪੱਧਰਾ ਕੀਤਾ ਜਾਵੇ ਜਿਸ ’ਤੇ ਮੰਤਰੀ ਸ਼ਿਵਰਾਜ ਚੌਹਾਨ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਮਾਮਲਾ ਜਿੱਥੇ ਕੈਬਨਿਟ ਦੀ ਮੀਟਿੰਗ ਵਿੱਚ ਰੱਖਣਗੇ ਉੱਥੇ ਹੀ ਇਸ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲ ਕਰਨਗੇ ਤਾਂ ਜੋ ਕਿਸੇ ਵਿਸ਼ੇਸ਼ ਸਕੀਮ ਨਾਲ ਗ਼ਰੀਬ ਲੋਕਾਂ ਤੱਕ ਕੇਂਦਰ ਸਰਕਾਰ ਦੀ ਮਦਦ ਨੂੰ ਸਿੱਧਾ ਪਹੁੰਚਾਇਆ ਜਾ ਸਕੇ। ਹਰਦੀਪ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਮਨਰੇਗਾ ਵਿੱਚ ਕੀਤੀ ਜਾ ਰਹੀ ਧੱਕੇਸ਼ਾਹੀ ਪ੍ਰਤੀ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਿੱਚ ਕੰਮ ਉਨ੍ਹਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਜੋ ਪੰਜਾਬ ਸਰਕਾਰ ਦੇ ਚਹੇਤੇ ਹਨ ਜਦੋਂ ਕਿ ਭਾਜਪਾ ਨਾਲ ਜੁੜੇ ਲੋਕਾਂ ਨੂੰ ਇਸ ਸਕੀਮ ਤੋਂ ਵੀ ਬਾਹਰ ਕੱਢਿਆ ਜਾ ਰਿਹਾ ਹੈ, ਜਿਸ ਪ੍ਰਤੀ ਸੰਬੰਧਿਤ ਅਫ਼ਸਰਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਹਰਦੀਪ ਗਿੱਲ ਨੇ ਦੱਸਿਆ ਕਿ ਮੰਤਰੀ ਸ਼ਿਵ ਰਾਜ ਚੌਹਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿਹੜੇ ਅਫਸਰ ਮਨਰੇਗਾ ਵਿੱਚ ਧੱਕੇਸ਼ਾਹੀ ਕਰ ਰਹੇ ਹਨ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਜਾਵੇਗਾ।.