ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਤਣਾਅ ਦੇ ਬਾਵਜੂਦ, ਮੋਦੀ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਤਰਜੀਹ ਦਿੱਤੀ: ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ –ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਜਾਣ ਦੀ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਤਹਿ-ਦਿਲੋਂ ਸਵਾਗਤ ਕੀਤਾ ਹੈ।
ਉਹਨਾਂ ਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦਾ ਵਿਸ਼ੇਸ਼ ਧੰਨਵਾਦ ਕੀਤਾ, ਅਤੇ ਕਿਹਾ ਕਿ ਭਾਰਤ-ਪਾਕਿਸਤਾਨ ਸੰਬੰਧਾਂ ਵਿੱਚ ਆਈਆਂ ਤਣਾਅਪੂਰਨ ਪਰਿਸਥਿਤੀਆਂ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇਹ ਦਰਸਾਉਂਦਾ ਹੈ ਕਿ ਭਾਰਤ ਸਰਕਾਰ ਨੇ ਧਾਰਮਿਕ ਸੰਵੇਦਨਸ਼ੀਲਤਾ, ਸਥਿਰਤਾ ਅਤੇ ਕੂਟਨੀਤਿਕ ਚਤੁਰਾਈ ਨਾਲ ਇਸ ਨੂੰ ਸਫਲ ਕੀਤਾ।
ਪ੍ਰੋ. ਖਿਆਲਾ ਨੇ ਕਿਹਾ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸਿੱਖ ਸੰਗਤ ਦੀਆਂ ਰੂਹਾਨੀ ਲੋੜਾਂ ਅਤੇ ਭਾਵਨਾਵਾਂ ਨੂੰ ਮੱਦੇਨਜ਼ਰ ਰੱਖ ਕੇ ਆਪਣੀ ਸੰਵੇਦਨਸ਼ੀਲਤਾ ਅਤੇ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ। ਇਹ ਫ਼ੈਸਲਾ ਨਾ ਸਿਰਫ਼ ਧਾਰਮਿਕ ਮਹੱਤਵ ਰੱਖਦਾ ਹੈ, ਸਗੋਂ ਸਮਾਜਿਕ ਤੇ ਰਾਸ਼ਟਰੀ ਏਕਤਾ ਦੇ ਭਾਵ ਨੂੰ ਵੀ ਮਜ਼ਬੂਤ ਕਰਦਾ ਹੈ। ਉਹਨਾਂ ਹੋਰ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਸਿੱਖਿਆ ਪ੍ਰੇਰਿਤ ਸੰਦੇਸ਼ “ਸਰਬੱਤ ਦਾ ਭਲਾ” ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਐਸੀਆਂ ਯਾਤਰਾਵਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਲੋੜ ਹੈ ਕਿ ਕਰਤਾਰਪੁਰ ਲਾਂਘਾ ਵੀ ਦੁਬਾਰਾ ਖੋਲ੍ਹਿਆ ਜਾਵੇ, ਤਾਂ ਜੋ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਦਾ ਸੁਭਾਗ ਮਿਲ ਸਕੇ।
ਪ੍ਰੋ. ਖਿਆਲਾ ਨੇ ਅਪੀਲ ਕੀਤੀ ਕਿ ਭਾਰਤ ਸਰਕਾਰ ਪਾਕਿਸਤਾਨ ਸਰਕਾਰ ਨਾਲ ਕੂਟਨੀਤਿਕ ਪੱਧਰ ਉੱਤੇ ਗੱਲਬਾਤ ਕਰਕੇ ਇਹ ਯਕੀਨੀ ਬਣਾਏ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪੂਰੀ ਸੁਰੱਖਿਆ, ਆਦਰ ਅਤੇ ਸਹੂਲਤਾਂ ਨਾਲ ਦਰਸ਼ਨ ਕਰਨ ਦਾ ਮੌਕਾ ਮਿਲੇ।
ਉਹਨਾਂ ਨੇ ਇਸ ਮੌਕੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 2019 ਵਿੱਚ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਅਤੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਤਬਦੀਲੀ ਉੱਤੇ ਤੁਰੰਤ ਅਮਲ ਕਰਨ ਦੀ ਵੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਧਾਰਮਿਕ ਪ੍ਰੇਰਨਾ ਨਹੀਂ, ਸਗੋਂ ਭਾਰਤ ਸਰਕਾਰ ਵੱਲੋਂ ਸਿੱਖ ਧਰਮ ਅਤੇ ਸਿੱਖ ਭਾਵਨਾਵਾਂ ਪ੍ਰਤੀ ਗਹਿਰੇ ਸਤਿਕਾਰ, ਕਦਰ ਅਤੇ ਦ੍ਰਿੜ੍ਹਤਾ ਦਾ ਪ੍ਰਤੀਕ ਹੈ। ਇਸ ਨਾਲ ਸੰਕੇਤ ਮਿਲਦਾ ਹੈ ਕਿ ਭਾਰਤ ਆਪਣੇ ਨਾਗਰਿਕਾਂ ਦੀ ਧਾਰਮਿਕ ਆਜ਼ਾਦੀ, ਸੁਰੱਖਿਆ ਅਤੇ ਨਿਆਂ ਪ੍ਰਤੀ ਹਮੇਸ਼ਾ ਚੇਤਨ ਹੈ।