ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਪੜਾਅਵਾਰ ਵਿਚਾਰਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਆਜ਼ਾਦੀ ਹੋਵੇਗੀ। ਸਿਖ਼ਰਲੀ ਅਦਾਲਤ ਵੱਲੋਂ ਹਰਿਆਣਾ ਸਰਕਾਰ ਦੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਅੰਬਾਲਾ ਨੇੜੇ ਲਾਏ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ। -ਪੀਟੀਆਈ
Post Views: 44