ਸੁਲਝ ਗਿਆ ਚੰਡੀਗੜ੍ਹ ਬੰਬ ਬਲਾਸਟ ਕੇਸ, 72 ਘੰਟਿਆਂ ’ਚ ਦੂਜਾ ਮਾਸਟਰਮਾਈਂਡ ਵੀ ਗ੍ਰਿਫ਼ਤਾਰ
ਚੰਡੀਗੜ੍ਹ-ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 ਵਿੱਚ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਪੁਲੀਸ ਨੇ ਮਹਿਜ਼ 72 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਹਮਲੇ ਦੇ ਮਾਸਟਰਮਾਈਂਡ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਦੂਜੇ ਦੋਸ਼ੀ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਮਦਦ ਨਾਲ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਅਮਰੀਕਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸ਼ੀਆ ਲਈ ਕੰਮ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਇਸ ਧਮਾਕੇ ਦੇ ਕੁਝ ਸਮੇਂ ਬਾਅਦ ਹੀ ਹੈਪੀ ਪਸ਼ਿਆ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਅੰਮ੍ਰਿਤਸਰ ਦੇ ਪਿੰਡ ਪਸ਼ਿਆ ਦੇ ਰੋਹਨ ਮਸੀਹ ’ਤੇ ਸ਼ੱਕ ਹੋਇਆ। ਪੁਲਿਸ ਨੇ ਰੋਹਨ ਮਸੀਹ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ। ਰੋਹਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦੂਜੇ ਅਪਰਾਧੀ ਵਿਸ਼ਾਲ ਮਸੀਹ ਨੂੰ ਵੀ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ। ਦੱਸ ਦੇਈਏ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਪਹਿਲਾਂ ਅੰਮ੍ਰਿਤਸਰ ਪਹੁੰਚੇ, ਜਿਸ ਤੋਂ ਬਾਅਦ ਦੋਵਾਂ ਨੇ ਆਪਣਾ ਰਸਤਾ ਬਦਲ ਲਿਆ। ਵਿਸ਼ਾਲ ਮਸੀਹ ਜੰਮੂ-ਕਸ਼ਮੀਰ ਗਿਆ ਅਤੇ ਫਿਰ ਦਿੱਲੀ ਪਹੁੰਚ ਗਿਆ, ਜਿੱਥੋਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਸ਼ਾਲ ਮਸੀਹ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 20 ਸਤੰਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ। ਪੁਲਿਸ ਅਜੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਹੈਪੀ ਪਸ਼ਿਆ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।