ਟਾਪਪੰਜਾਬ

ਵਿੱਤੀ ਢਾਰਸ -‘ਗੁਆਚਾ’ ਖ਼ਜ਼ਾਨਾ ਲੱਭਿਆ- ਚਰਨਜੀਤ ਭੁੱਲਰ

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਵਿੱਤੀ ਤੰਗੀ ਦੌਰਾਨ ਕਰੀਬ 2500 ਕਰੋੜ ਰੁਪਏ ਦਾ ਗੁਆਚਾ ਖ਼ਜ਼ਾਨਾ ਲੱਭਿਆ ਹੈ। ਸੂਬਾ ਸਰਕਾਰ ਵੱਲੋਂ ਕਰੀਬ 7000 ਫਰਮਾਂ ਦੀ ਸ਼ਨਾਖ਼ਤ ਕੀਤੀ ਗਈ ਸੀ, ਜਿਨ੍ਹਾਂ ਵੱਲੋਂ ਆਈਜੀਐੱਸਟੀ ਰਿਵਰਸਲ ਦੀ ਪ੍ਰਕਿਰਿਆ ਅਖ਼ਤਿਆਰ ਨਾ ਕੀਤੇ ਜਾਣ ਕਰਕੇ ਦੂਸਰੇ ਸੂਬਿਆਂ ਕੋਲ ਜੀਐੱਸਟੀ ਦਾ ਪੈਸਾ ਪਿਆ ਸੀ, ਜੋ ਕਾਨੂੰਨੀ ਤੌਰ ’ਤੇ ਪੰਜਾਬ ਨੂੰ ਮਿਲਣਾ ਬਣਦਾ ਸੀ। ਇਕੱਲੇ ਨਵੰਬਰ-ਦਸੰਬਰ ਮਹੀਨੇ ’ਚ ਹੀ 1100 ਕਰੋੜ ਰੁਪਏ ਖ਼ਜ਼ਾਨੇ ਨੂੰ ਮਿਲੇ ਹਨ। ਸੂਬੇ ਦੇ ਕਰ ਵਿਭਾਗ ਤਰਫ਼ੋਂ ਜਦੋਂ ਟੈਕਸਾਂ ’ਚ ਵਾਧੇ ਲਈ ਚਾਰ-ਚੁਫੇਰੇ ਸਰਕਾਰੀ ਖੱਲ-ਖੂੰਜੇ ਫਰੋਲੇ ਗਏ ਤਾਂ ਅਪਰੈਲ ਤੋਂ ਦਸੰਬਰ 2024 ਦੌਰਾਨ ਉਪਰੋਕਤ ਕਰੋੜਾਂ ਰੁਪਏ ਦੀ ਸ਼ਨਾਖ਼ਤ ਹੋਈ ਜੋ ਲੰਘੇ ਦਸ ਮਹੀਨਿਆਂ ਦੌਰਾਨ ਪੰਜਾਬ ਨੂੰ ਮਿਲ ਗਏ ਹਨ। ਕੁੱਲ ਸੱਤ ਹਜ਼ਾਰ ਫ਼ਰਮਾਂ ’ਚੋਂ ਚੋਟੀ ਦੀਆਂ 22 ਫਰਮਾਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਆਈਜੀਐੱਸਟੀ ਰਿਵਰਸਲ ਦੀ ਪੂਰਨ ਪ੍ਰਕਿਰਿਆ ਅਖ਼ਤਿਆਰ ਨਾ ਕੀਤੇ ਜਾਣ ਕਰਕੇ ਦੂਸਰੇ ਸੂਬਿਆਂ ਵਿਚ ਕਰੀਬ 1400 ਕਰੋੜ ਪਏ ਸਨ।
ਇਕੱਲੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਜ਼ਰੀਏ 687.69 ਕਰੋੜ ਰੁਪਏ ਖ਼ਜ਼ਾਨੇ ’ਚ ਆਏ ਹਨ। ਜੀਐੱਸਟੀ ਕਾਨੂੰਨ ਤਹਿਤ ਫ਼ਰਮਾਂ ਵੱਲੋਂ ਦੂਸਰੇ ਸੂਬਿਆਂ ’ਚੋਂ ਖ਼ਰੀਦੇ ਗਏ ਮਾਲ ’ਤੇ ਉਨ੍ਹਾਂ ਸੂਬਿਆਂ ’ਚ ਹੀ ਜੀਐੱਸਟੀ ਤਾਰਿਆ ਗਿਆ ਪ੍ਰੰਤੂ ਇਸ ਮਾਲ ਦੀ ਖਪਤ ਪੰਜਾਬ ’ਚ ਹੋਈ ਹੋਣ ਕਰਕੇ ਇਹ ਜੀਐੱਸਟੀ ਰਾਸ਼ੀ ਪੰਜਾਬ ਸਰਕਾਰ ਦੇ ਖ਼ਜ਼ਾਨੇ ’ਚ ਆਉਣੀ ਬਣਦੀ ਸੀ ਪ੍ਰੰਤੂ ਆਈਜੀਐੱਸਟੀ ਰਿਵਰਸਲ ਪ੍ਰਕਿਰਿਆ ਅਧੂਰੀ ਰਹਿਣ ਕਰਕੇ ਇਹ ਪੈਸਾ ਦੂਸਰੇ ਸੂਬਿਆਂ ਕੋਲ ਹੀ ਪਿਆ ਹੋਇਆ ਸੀ। ਹੁਣ ਜਦੋਂ ਫ਼ਰਮਾਂ ਨੇ ਇਹ ਪ੍ਰਕਿਰਿਆ ਮੁਕੰਮਲ ਕੀਤੀ ਤਾਂ ਦੂਜੇ ਰਾਜਾਂ ’ਚੋਂ ਇਹ ਪੈਸਾ ਪੰਜਾਬ ਦੇ ਖ਼ਜ਼ਾਨੇ ’ਚ ਆ ਗਿਆ ਹੈ। ਵਿੱਤੀ ਸਿਹਤ ਠੀਕ ਨਾ ਹੋਣ ਕਰਕੇ ਪੰਜਾਬ ਨੂੰ ਇਸ ਰਾਸ਼ੀ ਨੇ ਸਹਾਰਾ ਦਿੱਤਾ ਹੈ। ਪਾਵਰਕੌਮ ਵੱਲੋਂ ਪਹਿਲਾਂ ਹੀ ਤਾਰਿਆ ਹੋਇਆ 129.14 ਕਰੋੜ ਰੁਪਏ ਦਾ ਟੈਕਸ ਪੰਜਾਬ ਨੂੰ ਮਿਲ ਗਿਆ ਹੈ। ਪ੍ਰਾਈਵੇਟ ਤਾਪ ਬਿਜਲੀ ਘਰਾਂ ਦੀ ਗੱਲ ਕਰੀਏ ਤਾਂ ਨਾਭਾ ਪਾਵਰ ਲਿਮਟਿਡ ਤੋਂ 89.50 ਕਰੋੜ, ਤਲਵੰਡੀ ਸਾਬੋ ਪਾਵਰ ਪਲਾਂਟ ਤੋਂ 83.03 ਕਰੋੜ ਅਤੇ ਗੋਇੰਦਵਾਲ ਤਾਪ ਬਿਜਲੀ ਘਰ ਤੋਂ 44.16 ਕਰੋੜ ਰੁਪਏ ਪ੍ਰਾਪਤ ਹੋਏ ਹਨ ਜਿਨ੍ਹਾਂ ਵੱਲੋਂ ਤਾਰਿਆ ਟੈਕਸ ਦੂਸਰੇ ਸੂਬਿਆਂ ਕੋਲ ਪਿਆ ਸੀ।
ਬਠਿੰਡਾ ਰਿਫ਼ਾਈਨਰੀ ਤੋਂ 80.14 ਕਰੋੜ ਅਤੇ ਟਰਾਂਸਕੋ ਤੋਂ 40.99 ਕਰੋੜ ਰੁਪਏ ਮਿਲੇ ਹਨ। ਉਪਰੋਕਤ ਫ਼ਰਮਾਂ ਨੂੰ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਨਾਲ ਕੋਈ ਨਫ਼ਾ-ਨੁਕਸਾਨ ਨਹੀਂ ਹੋਇਆ ਹੈ। ਇਸੇ ਤਰ੍ਹਾਂ ਫੋਰਟਿਸ ਹੈਲਥਕੇਅਰ ਤੋਂ 24.02 ਕਰੋੜ, ਕਾਰਗਿਲ ਇੰਡੀਆ ਤੋਂ 14.55 ਕਰੋੜ, ਰਾਧਾ ਸੁਆਮੀ ਸਤਸੰਗ ਬਿਆਸ ਦੇ 15.87 ਕਰੋੜ ਰੁਪਏ ਅਤੇ ਐੱਸਜੇਵੀਐੱਨ ਗਰੀਨ ਐਨਰਜੀ ਜ਼ਿਲ੍ਹਾ ਨਵਾਂਸ਼ਹਿਰ ਤੋਂ 17.88 ਕਰੋੜ ਰੁਪਏ ਆਈਜੀਐੱਸਟੀ ਰਿਵਰਸਲ ਪ੍ਰਕਿਰਿਆ ਮੁਕੰਮਲ ਹੋਣ ’ਤੇ ਦੂਸਰੇ ਸੂਬਿਆਂ ਤੋਂ ਪ੍ਰਾਪਤ ਹੋਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਨਫੋਰਸਮੈਂਟ ਵਧੀ ਹੈ ਜਿਸ ਵਜੋਂ ਮਾਲੀਆ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ’ਤੇ ਟੈਕਸਾਂ ਦਾ ਕੋਈ ਬੋਝ ਪਾਏ ਬਿਨਾਂ ਟੈਕਸਾਂ ਦੀ ਵਸੂਲੀ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਫ਼ਰਮਾਂ ਵੱਲੋਂ ਤਾਰਿਆ ਜੀਐੱਸਟੀ ਦੂਸਰੇ ਸੂਬਿਆਂ ਕੋਲ ਪਿਆ ਸੀ ਜੋ ਲੰਘੇ ਦਸ ਮਹੀਨਿਆਂ ’ਚ ਪ੍ਰਾਪਤ ਹੋਇਆ ਹੈ।

Leave a Reply

Your email address will not be published. Required fields are marked *