ਇਕ ਵਾਰ ਫਿਰ ਤੋਂ ਦਿੱਲੀ ਵਿੱਚ ‘ਆਪ’ ਬਣਾਵੇਗੀ ਸਰਕਾਰ – ਹਰਚੰਦ ਸਿੰਘ ਬਰਸਟ
ਪਟਿਆਲਾ – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਸ. ਬਰਸਟ ਵੱਲੋਂ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਦੇ ਵੱਖ-ਵੱਖ ਏਰਿਆ ਵਿੱਚ ਮੀਟਿੰਗਾਂ ਕਰਕੇ ਅਤੇ ਡੋਰ-ਟੂ-ਡੋਰ ਜਾ ਕੇ ਮੁੱਖ ਮੰਤਰੀ ਆਤਿਸ਼ੀ, ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਮਿਸਾਲੀ ਵਿਕਾਸ ਕਾਰਜ ਕੀਤੇ ਗਏ ਹਨ। ਸਿਹਤ ਸਹੂਲਤਾਂ, ਸਿੱਖਿਆ ਪ੍ਰਣਾਲੀ, ਮੁਫਤ ਬਿਜਲੀ, ਪਾਣੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਸਮੇਤ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਹੀ ਅੱਜ ‘ਆਪ’ ਲੋਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ। ਲੋਕਾਂ ਵੱਲੋਂ ਮਿਲ ਰਿਹਾ ਸਾਥ ਇਹ ਸਿੱਧ ਕਰਦਾ ਹੈ ਕਿ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ, ਕਿਉਂਕਿ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਵੀ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਗਏ ਹਨ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਸਾਰਥਿਕ ਕਦਮ ਚੁੱਕੇ ਗਏ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਤੇ ਸਿਰਫ ਵਿਕਾਸ ਦੀ ਗੱਲ ਕਰਦੀ ਹੈ ਅਤੇ ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ।