ਪੁਰਾਣੇ ਕੇਸ ਦੀ ਸੁਣਵਾਈ ਛੇਤੀ ਕੀਤੀ ਜਾਵੇ: ਸੈਣੀ

ਐੱਸਏਐੱਸ ਨਗਰ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੈਪਟਨ ਸਰਕਾਰ ਅਤੇ ਵਿਜੀਲੈਂਸ ਬਿਊਰੋ ’ਤੇ ਬਿਲਕੁਲ ਭਰੋਸਾ ਨਹੀਂ ਹੈ। ਉਨ੍ਹਾਂ ਕੈਪਟਨ ਸਰਕਾਰ ’ਤੇ ਝੂਠੇ ਕੇਸਾਂ ਵਿੱਚ ਫਸਾਉਣ ਅਤੇ ਪੁਰਾਣੇ ਮਾਮਲਿਆਂ ਦੀ ਪੜਤਾਲ ਵਿੱਚ ਉਲਝਾਈ ਰੱਖਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਸੈਣੀ ਨੇ ਆਪਣੇ ਵਕੀਲ ਏਪੀਐੱਸ ਦਿਓਲ ਰਾਹੀਂ ਉੱਚ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕਰ ਕੇ ਪੁਰਾਣੀ ਪਟੀਸ਼ਨ ਦੀ ਸੁਣਵਾਈ ਐਡਵਾਂਸ ਵਿੱਚ ਕਰਨ ਦੀ ਮੰਗ ਕਰਦਿਆਂ ਕਿਹਾ ਕਿ 31 ਅਗਸਤ ਨੂੰ ਸੇਵਾਮੁਕਤ ਹੋ ਰਹੇ ਜੱਜ ਕੋਲ ਹੀ ਕੇਸ ਦੀ ਸੁਣਵਾਈ ਹੋਵੇ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ ਡੀਜੀਪੀ ਦੇ ਅਹੁਦੇ ਤੋਂ ਸੇਵਾਮੁਕਤੀ ਉਪਰੰਤ ਸਾਲ 2018 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸਰਵਿਸ ਪੀਰੀਅਡ ਦੇ ਪੁਰਾਣੇ ਕੇਸਾਂ ਦੀ ਜਾਂਚ ਪੰਜਾਬ ਤੋਂ ਬਾਹਰ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਹਾਲਾਂਕਿ, ਇਸ ਮਾਮਲੇ ਦੀ ਸੁਣਵਾਈ 9 ਸਤੰਬਰ ਨੂੰ ਹੋਣੀ ਹੈ ਪਰ ਹੁਣ ਉਨ੍ਹਾਂ ਨੇ ਹਾਈ ਕੋਰਟ ਦੇ ਭਲਕੇ 31 ਅਗਸਤ ਨੂੰ ਸੇਵਾਮੁਕਤ ਹੋ ਰਹੇ ਇਕ ਜੱਜ ਕੋਲ ਐਡਵਾਂਸ ਸੁਣਵਾਈ ਦੀ ਅਪੀਲ ਕੀਤੀ ਹੈ। ਬਚਾਅ ਪੱਖ ਦੇ ਵਕੀਲ ਏਪੀਐੱਸ ਦਿਓਲ ਨੇ ਦੱਸਿਆ ਕਿ ਐਡਵਾਂਸ ਸੁਣਵਾਈ ਤਹਿਤ ਇਸ ਕੇਸ ਦੀ ਸੁਣਵਾਈ ਹੁਣ ਮੰਗਲਵਾਰ ਨੂੰ ਹੋਵੇਗੀ।

ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦੇ ਮਾਮਲੇ ਵਿੱਚ ਸੁਮੇਧ ਸੈਣੀ ਨੂੰ 1 ਸਤੰਬਰ ਨੂੰ ਦੁਬਾਰਾ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਲਿਖਤੀ ਸੰਮਨ ਭੇਜੇ ਗਏ ਹਨ। ਇਸ ਬਾਰੇ ਵੀ ਸੈਣੀ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਬਚਾਅ ਪੱਖ ਦੇ ਵਕੀਲ ਏਪੀਐੱਸ ਦਿਓਲ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਖ਼ਦਸ਼ਾ ਹੈ ਕਿ ਜਿਵੇਂ ਪਿਛਲੇ ਦਿਨੀਂ ਵਿਜੀਲੈਂਸ ਨੇ ਜਾਂਚ ਵਿੱਚ ਸ਼ਾਮਲ ਹੋਣ ਆਏ ਸੁਮੇਧ ਸੈਣੀ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕਰ ਲਿਆ ਸੀ, ਉਸੇ ਤਰ੍ਹਾਂ ਹੁਣ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦ ਕੇ ਕਿਤੇ ਫਿਰ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰ ਲਿਆ ਜਾਵੇ। ਉੱਧਰ, ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਸੈਣੀ ਜਾਣ-ਬੁੱਝ ਕੇ ਐਡਵਾਂਸ ਸੁਣਵਾਈ ਦੀ ਦੁਹਾਈ ਦੇ ਰਹੇ ਹਨ ਕਿਉਂਕਿ ਭਲਕੇ ਇਕ ਜੱਜ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੀ ਇਹ ਦਲੀਲ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰਦੀ ਹੈ।

ਕੋਟਕਪੂਰਾ ਗੋਲੀ ਕਾਂਡ: ਜਾਂਚ ਟੀਮ ਵੱਲੋਂ ਸੁਮੇਧ ਸੈਣੀ ਦਿੱਲੀ ਤਲਬ

ਫ਼ਰੀਦਕੋਟ (ਜਸਵੰਤ ਜੱਸ): ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਪਣੀ ਆਵਾਜ਼ ਦਾ ਨਮੂਨਾ ਦੇਣ ਲਈ ਦਿੱਲੀ ਤਲਬ ਕੀਤਾ ਹੈ। ਹਾਲਾਂਕਿ ਡੀਜੀਪੀ ਸੁਮੇਧ ਸੈਣੀ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜਦੋਂ ਉਹ ਆਪਣੀ ਆਵਾਜ਼ ਦਾ ਨਮੂਨਾ ਦੇਣ ਜਾਣਗੇ ਤਾਂ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਦੇ ਨਮੂਨੇ ਦੇਣ ਲਈ ਦਿੱਲੀ ਦੀ ਸੀਐੱਫਐੱਲ ਲੈਬ ਵਿੱਚ ਬੁਲਾਇਆ ਹੈ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਫੋਨ ਦੀਆਂ ਹੋਈਆਂ ਰਿਕਾਰਡਿੰਗ ਦੀ ਪੜਤਾਲ ਕੀਤੀ ਜਾਣੀ ਹੈ, ਇਸ ਲਈ ਉਹ 6 ਸਤੰਬਰ ਨੂੰ ਦਿੱਲੀ ਹਾਜ਼ਰ ਹੋਣ। ਇਸ ਤੋਂ ਪਹਿਲਾਂ ਸੁਮੇਧ ਸੈਣੀ ਆਪਣਾ ਲਾਈ ਡਿਟੈਕਟਰ ਟੈਸਟ ਕਰਵਾਉਣ ਤੋਂ ਇਨਕਾਰ ਕਰ ਚੁੱਕੇ ਹਨ। ਸੂਤਰਾਂ ਮੁਤਾਬਕ ਕੋਟਕਪੂਰਾ ਗੋਲੀ ਕਾਂਡ ਵਾਲੇ ਦਿਨ ਫ਼ਰੀਦਕੋਟ ਪ੍ਰਸ਼ਾਸਨ, ਡੀਜੀਪੀ, ਮੁੱਖ ਮੰਤਰੀ ਅਤੇ ਉੱਚ ਅਧਿਕਾਰੀਆਂ ਦਰਮਿਆਨ ਫੋਨ ਉਪਰ 52 ਵਾਰ ਗੱਲਬਾਤ ਹੋਈ ਸੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੂੰ ਉਸ ਦੀਆਂ ਰਿਕਾਰਡਿੰਗ ਮਿਲ ਗਈਆਂ ਹਨ।

Leave a Reply

Your email address will not be published. Required fields are marked *