ਪੰਜਾਬ ਆਉਣ ਵਾਲੇ ਹਰੇਕ ਨੂੰ ਏਕਾਂਤਵਾਸ ਭੇਜਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਦਿਨਾਂ ਵਿੱਚ ਸ਼ਰਤਾਂ ਤਹਿਤ ਕੁਝ ਛੋਟਾਂ ਦੇਣ ਦੇ ਸੰਕੇਤ ਦਿੰਦਿਆਂ ਐਲਾਨ ਕੀਤਾ ਹੈ ਕਿ ਕੋਵਿਡ ਦੇ ਫੈਲਾਅ ਦੀ ਰੋਕਥਾਮ ਲਈ ਹੋਰਨਾਂ ਥਾਵਾਂ ਤੋਂ ਪੰਜਾਬ ਆਉਣ ਵਾਲੇ ਹਰੇਕ ਨਾਗਰਿਕ ਨੂੰ ਲਾਜ਼ਮੀ 21 ਦਿਨਾਂ ਦੇ ਇਕਾਂਤਵਾਸ ’ਤੇ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਰਾਜਸਥਾਨ ਤੋਂ ਆਉਣ ਵਾਲੇ ਵਿਦਿਆਰਥੀਆਂ ਤੇ ਮਜ਼ਦੂਰਾਂ ਨੂੰ ਸਰਹੱਦ ’ਤੇ ਹੀ ਰੋਕ ਕੇ ਸਰਕਾਰੀ ਇਕਾਂਤਵਾਸ ਕੇਂਦਰਾਂ ’ਚ ਭੇਜਿਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 21 ਦਿਨਾਂ ਲਈ ਉਹ ਦੂਜੇ ਲੋਕਾਂ ਨਾਲ ਘੁਲ-ਮਿਲ ਨਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਪਰਤ ਰਹੇ ਲੋਕਾਂ ਲਈ ਰਾਧਾ ਸੁਆਮੀ ਸਤਿਸੰਗ ਡੇਰਿਆਂ ਨੂੰ ਵੀ ਏਕਾਂਤਵਾਸ ਸਥਾਨ ਵਜੋਂ ਵਰਤਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕਰਫਿਊ ਤੇ ਲੌਕਡਾਊਨ ਦੀ ਸਥਿਤੀ ’ਚੋਂ ਬਾਹਰ ਕੱਢਣ ਦੀ ਨੀਤੀ ਘੜਨ ਵਾਸਤੇ ਬਣਾਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪਾੰਬਦੀਆਂ ’ਚ ਕੁਝ ਢਿੱਲ ਦਿੱਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਵੀਡਿਓ ਕਾਨਫਰੰਸ ਰਾਹੀਂ ਸੂਬੇ ਦੇ ਕਾਂਗਰਸੀ ਵਿਧਾਇਕਾਂ ਦੇ ਨਾਲ ਕੋਵਿਡ ਜਿਹੜੇ ਮਰੀਜ਼ ਪਿਛਲੇ ਦੋ ਦਿਨਾਂ ਦੌਰਾਨ ਸਾਹਮਣੇ ਆਏ ਹਨ ਉਹ ਹਜ਼ੂਰ ਸਾਹਿਬ ਤੋਂ ਵਾਪਸ ਆਏ ਹਨ। ਸਿਹਤ ਵਿਭਾਗ ਵੱਲੋਂ ਹਜ਼ੂਰ ਸਾਹਿਬ ਤੇ ਹੋਰਨਾਂ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਨੂੰ ਸਰਕਾਰ ਦੀਆਂ ਹਦਾਇਤਾਂ ’ਤੇ 21 ਦਿਨ ਦਾ ਏਕਾਂਤਵਾਸ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਮੁਢਲੇ ਲੱਛਣਾਂ ਵਾਲਿਆਂ ਦੇ ਨਮੂਨੇ ਲਏ ਜਾ ਰਹੇ ਹਨ। ਪੰਜਾਬ ਵਿੱਚ ਕਈ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਮੁਹਾਲੀ ਜਿਲ੍ਹੇ ਵਿੱਚ ਕਰੋਨਾਵਾਇਰਸ ਤੋਂ ਪੀੜਤ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ ਵਿੱਚ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 65 ਤੱਕ ਪਹੁੰਚ ਗਈ ਹੈ। ਕਰੋਨਾਵਾਇਰਸ ਕਾਰਨ ਹੁਣ ਤੱਕ ਇੱਕ 6 ਸਾਲਾ ਬੱਚੀ ਸਮੇਤ 19 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਹੁਣ ਤੱਕ ਕੁੱਲ 104 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਨਵਾਂ ਸ਼ਹਿਰ ਤੋਂ ਬਾਅਦ ਮੋਗਾ, ਰੋਪੜ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹੇ ਅਜਿਹੇ ਹਨ ਜਿੱਥੇ ਕੋਈ ਨਵਾਂ ਮਰੀਜ਼ ਸਾਹਮਣੇ ਨਹੀਂ ਆਇਆ ਤੇ ਇਲਾਜ਼ ਅਧੀਨ ਵੀ ਕੋਈ ਨਹੀਂ ਹੈ। ਫਤਹਿਗੜ੍ਹ ਸਾਹਿਬ, ਬਰਨਾਲ, ਰੋਪੜ, ਗੁਰਦਾਸਪੁਰ ਅਤੇ ਮੋਗਾ ਦੇ ਸਾਰੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਹਜ਼ੂਰ ਸਾਹਿਬ ਗੁਰਦੁਆਰੇ ਵਿੱਚ ਚੌਕਸੀ ਵਧਾਈ
ਔਰੰਗਾਬਾਦ: ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਹਜ਼ੂਰ ਸਾਹਿਬ ਵਿੱਚ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਇਹ ਚੌਕਸੀ ਇਥੋਂ ਪੰਜਾਬ ਪਰਤੇ 8 ਸ਼ਰਧਾਲੂਆਂ ਦੇ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਵਧਾਈ ਗਈ ਹੈ। ਇਥੋਂ ਦੀਆਂ ਸਰਾਵਾਂ ਨੂੰ ਲਗਾਤਾਰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਇਥੇ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *