ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਖੁੱਲ੍ਹ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸਾਉਣੀ ਸੀਜ਼ਨ ਦੌਰਾਨ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਉਪਰੋਕਤ ਫੈਸਲਿਆਂ ਬਾਰੇ ਦੱਸਿਆ। ਪੰਜਾਬ ਵਿੱਚ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪੈਦਾਵਾਰ ਹੁੰਦੀ ਹੈ। ਸਰਕਾਰ ਨੇ ਇਸ ਵਿੱਚੋਂ 12 ਲੱਖ ਹੈਕਟੇਅਰ ਰਕਬੇ ਵਿੱਚ ਸਿੱਧੀ ਬਿਜਾਈ ਦਾ ਟੀਚਾ ਰੱਖਿਆ ਹੈ। ਝੋਨੇ ਦੀ ਰਵਾਇਤੀ ਢੰਗ ਨਾਲ ਬਿਜਾਈ ਲਈ ਸਰਕਾਰ ਨੇ ਅਜੇ ਕਿਸੇ ਤਰੀਕ ਦਾ ਐਲਾਨ ਨਹੀਂ ਕੀਤਾ ਹੈ, ਹਾਲਾਕਿ ਪਹਿਲਾਂ ਝੋਨੇ ਦੀ ਬਿਜਾਈ 10 ਜੂਨ ਤੋਂ ਕੀਤੀ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨਾ ਬੀਜਣ ਨਾਲ ਪਾਣੀ ਦੀ ਵੱਧ ਖਪਤ ਹੁੰਦੀ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲ੍ਹੇ ਜਾ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਐਤਕੀਂ ਉਹ ਨਾ ਸਿਰਫ਼ ਖ਼ੁਦ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਬਲਕਿ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਤਾਵਰਨ ਪੱਖੀ ਹੈ ਅਤੇ ਕਿਸਾਨਾਂ ਲਈ ਆਰਥਿਕ ਤੌਰ ’ਤੇ ਵੀ ਲਾਹੇਵੰਦ ਹੈ। ਇਸ ਬਿਜਾਈ ਨਾਲ ਝੋਨੇ ਦੇ ਝਾੜ ’ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿੱਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀਐੱਸਆਰ ਤਕਨੀਕ ਅਪਣਾਉਣ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋਂ ਪਹਿਲਾਂ 17 ਅਪਰੈਲ ਨੂੰ ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਸੀ।

Leave a Reply

Your email address will not be published. Required fields are marked *