ਬਾਦਲਾਂ ਨੂੰ ਵੀ ਯਾਦ ਆਏ ਬੰਦੀ ਸਿੰਘ

ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵੱਲੋਂ ਜੰਤਰ-ਮੰਤਰ ਵਿਖੇ ਧਰਨਾ ਲਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਅਕਾਲੀ ਵਰਕਰ ਮੌਜੂਦ ਹਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ‘ਅਸੀਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਆਂ’ ਗਾਣਾ ਬੈਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਯੂ-ਟਿਊਬ ਤੋਂ ਇਹ ਗਾਣਾ ਬੈਨ ਕਰ ਸਕਦੀ ਹੈ ਪਰ ਸਿੰਘਾਂ ਅਤੇ ਪੰਜਾਬੀਆਂ ਦੇ ਦਿਲਾਂ ‘ਚੋਂ ਬੈਨ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਵਾਸਤੇ ਜਾਨਾਂ ਕੁਰਬਾਨ ਕੀਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਸਾਡੇ ਭਰਾਵਾਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੇ ਜੋ ਕੀਤਾ ਹੈ, ਉਸ ਦੀ ਸਜ਼ਾ ਉਨ੍ਹਾਂ ਨੇ ਭੁਗਤ ਲਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਛੱਡਣ ਦਾ ਕੋਈ ਨਾਂ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਫਾਈਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੋਲ 7 ਮਹੀਨਿਆਂ ਤੋਂ ਪਈ ਹੈ ਪਰ ਇਸ ‘ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਕਈ ਲੋਕ ਸਾਡੀ ਕੌਮ ਦੀ ਤਾਕਤ ਨੂੰ ਘਟਾਉਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਵੱਡੀਆਂ-ਵੱਡੀਆਂ ਤਾਕਤਾਂ ਅਕਾਲੀ ਦਲ ਨੂੰ ਕਮਜ਼ੋਰ ਕਰਨ ‘ਚ ਲੱਗੀਆਂ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਕੌਮ ਦੀ ਚੜ੍ਹਦੀ ਕਲਾ ਅਤੇ ਪੰਜਾਬੀਆਂ ਵਾਸਤੇ ਲੜਾਈ ਲੜਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰਾਂ ਵਾਸਤੇ ਨਹੀਂ ਲੜਦੀ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਅਕਾਲੀ ਦਲ ਸੱਤਾ ‘ਚ ਆਇਆ ਹੈ, ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ।

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੇ ਹੀ ਆਪਣਾ ਵਿਰਸਾ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਵਾਰ ਕੀਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਨੂੰ ਛੁਡਵਾ ਸਕਦੇ ਹਨ ਪਰ ਉਹ ਅਜਿਹਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਵਰਕਰ ਹੀ ਅਕਾਲੀ ਦਲ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਕੌਮ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੀ ਪੰਜਾਬ ਨੂੰ ਇਨਸਾਫ਼ ਨਹੀਂ ਦੇਵੇਗੀ ਤਾਂ ਸਭ ਤੋਂ ਪਹਿਲਾਂ ਅਕਾਲੀ ਦਲ ਲੜੇਗਾ।

Leave a Reply

Your email address will not be published. Required fields are marked *