ਬੇਅਦਬੀ ਕਾਂਡ: ਸ਼ਨਾਖਤ ਦੇ ਬਾਵਜੂਦ ਪੁਲੀਸ ਦੇ ਹੱਥ ਨਹੀਂ ਲੱਗ ਰਹੇ ਤਿੰਨ ਮੁੱਖ ਮੁਲਜ਼ਮ

ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਤਿੰਨ ਮੁਲਜ਼ਮ ਵਿਸ਼ੇਸ਼ ਜਾਂਚ ਟੀਮ ਦੇ ਹੱਥ ਨਹੀਂ ਲੱਗ ਰਹੇ। ਹਾਲਾਂਕਿ ਜਾਂਚ ਟੀਮ ਨੇ ਕਾਫ਼ੀ ਸਮਾਂ ਪਹਿਲਾਂ ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਸੀ। ਸੂਚਨਾ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਕਰਨ ਅਤੇ ਇਸ ਦੀ ਬੇਅਦਬੀ ਕਰਨ ਵਿੱਚ ਡੇਰਾ ਸਿਰਸਾ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੇ ਅਹਿਮ ਭੂਮਿਕਾ ਨਿਭਾਈ। ਜਾਂਚ ਟੀਮ ਨੇ ਇਨ੍ਹਾਂ ਤਿੰਨੋਂ ਵਿਅਕਤੀਆਂ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਦੋ ਹੋਰ ਥਾਵਾਂ ਤੋਂ ਹੋਈਆਂ ਬੇਅਦਬੀਆਂ ਵਿੱਚ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਪਰ ਘਟਨਾ ਤੋਂ ਪੰਜ ਸਾਲ ਬਾਅਦ ਵੀ ਜਾਂਚ ਟੀਮ ਇਨ੍ਹਾਂ ਮੁਲਜ਼ਮਾਂ ਨੂੰ ਲੱਭ ਨਹੀਂ ਸਕੀ। ਜਾਂਚ ਟੀਮ ਨੇ ਅਦਾਲਤ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ ਹੈ ਕਿ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਵਾਰ-ਵਾਰ ਛਾਪੇਮਾਰੀ ਦੇ ਬਾਵਜੂਦ ਨਹੀਂ ਲੱਭ ਰਹੇ। ਇਸ ਲਈ ਉਨ੍ਹਾਂ ਸਥਾਨਕ ਪੁਲੀਸ ਦੀ ਵੀ ਮੱਦਦ ਲਈ ਹੈ। ਫ਼ਰੀਦਕੋਟ ਦੇ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਜਾਂਚ ਟੀਮ ਇਨ੍ਹਾਂ ਵਿਅਕਤੀਆਂ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕਰਨ ਦੀ ਚਾਰਾਜੋਈ ਕਰ ਰਹੀ ਹੈ। ਇਸ ਤੋਂ ਪਹਿਲਾਂ ਪੁਲੀਸ ਤਿੰਨ ਕੇਸਾਂ ਵਿੱਚ ਇਨ੍ਹਾਂ ਵਿਅਕਤੀਆਂ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕਰ ਚੁੱਕੀ ਹੈ ਪਰੰਤੂ ਇਸ ਦੇ ਬਾਵਜੂਦ ਪੁਲੀਸ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਪਿੰਡ ਗੁਰੂਸਰ ਅਤੇ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਇਹ ਮੁਲਜ਼ਮ ਭਗੌੜੇ ਐਲਾਨੇ ਜਾ ਚੁੱਕੇ ਹਨ। ਇਹ ਵੀ ਖ਼ਦਸ਼ਾ ਹੈ ਕਿ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਕੋਲ ਜਾਣ ਤੋਂ ਬਾਅਦ ਇਹ ਤਿੰਨੋਂ ਮੁਲਜ਼ਮ ਵਿਦੇਸ਼ ਭੱਜ ਗਏ ਹਨ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਥਾਨਕ ਅਦਾਲਤ ਵਿੱਚ ਗ੍ਰਿਫ਼ਤਾਰੀ ਵਾਰੰਟ ਲੈਣ ਲਈ ਦਿੱਤੀ ਅਰਜ਼ੀ ਬਾਰੇ 8 ਜੁਲਾਈ ਨੂੰ ਕੋਈ ਫੈਸਲਾ ਆਉਣ ਦੀ ਸੰਭਾਵਨਾ ਹੈ। ਇਸੇ ਦੌਰਾਨ ਕੋਟਕਪੂਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਪੰਧੇਰ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਇੱਥੇ ਕੋਈ ਸੁਣਵਾਈ ਨਹੀਂ ਹੋ ਸਕੀ। ਡਿਊਟੀ ਜੱਜ ਰਾਜੇਸ਼ ਕੁਮਾਰ ਨੇ ਇਸ ਜ਼ਮਾਨਤ ਦੀ ਸੁਣਵਾਈ 13 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਗੁਰਦੀਪ ਪੰਧੇਰ ਇਸ ਵੇਲੇ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਵਿੱਚ ਨਜ਼ਰਬੰਦ ਹੈ

ਕੋਟਕਪੂਰਾ ਗੋਲੀ ਕਾਂਡ: ਐੱਸਪੀ ਬਲਜੀਤ ਸਿੰਘ ਨੂੰ ਗ੍ਰਿਫ਼ਤਾਰੀ ਦਾ ਡਰ

ਕੋਟਕਪੂਰਾ ਗੋਲੀ ਕਾਂਡ ’ਚ ਉਸ ਵੇਲੇ ਉੱਥੇ ਤਾਇਨਾਤ ਐੱਸ.ਪੀ. ਬਲਜੀਤ ਸਿੰਘ ਨੇ ਇੱਥੇ ਅਦਾਲਤ ‘ਚ ਅਰਜ਼ੀ ਦੇ ਕੇ ਖਦਸ਼ਾ ਜ਼ਹਿਰ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ ਕਿਸੇ ਵੀ ਸਮੇਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਇਸ ਲਈ ਉਸ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਾਈ ਜਾਵੇ। ਐੱਸਪੀ ਬਲਜੀਤ ਸਿੰਘ ਨੂੰ ਵਿਸ਼ੇਸ਼ ਜਾਂਚ ਟੀਮ ਨੇ ਪੁੱਛਗਿੱਛ ਲਈ ਟੀਮ ਦੇ ਦ਼ਫਤਰ ਅੰਮ੍ਰਿਤਸਰ ਵਿਖੇ ਦੋ ਵਾਰ ਬੁਲਾਇਆ ਸੀ, ਪ੍ਰੰਤੂ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ। ਐੱਸਪੀ ਦੀ ਅਰਜ਼ੀ ’ਤੇ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਨੇ 13 ਜੁਲਾਈ ਲਈ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਐੱਸ.ਪੀ ਬਲਜੀਤ ਸਿੰਘ ਨਾਲ ਸਬੰਧਤ ਮਾਮਲੇ ਦਾ ਸਾਰਾ ਰਿਕਾਰਡ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ। ਇਸੇ ਦਰਮਿਆਨ ਪਤਾ ਲੱਗਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਐੱਸ.ਪੀ. ਬਲਜੀਤ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਵਿਸ਼ੇਸ਼ ਜਾਂਚ ਟੀਮ ਐੱਸ.ਪੀ. ਬਲਜੀਤ ਸਿੰਘ ਸਮੇਤ ਦੋ ਅਧਿਕਾਰੀਆਂ ਨੂੰ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕਰਨਾ ਚਾਹੁੰਦੀ ਸੀ ਪਰ ਇਹ ਦੋਵੇਂ ਅਧਿਕਾਰੀ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ।

ਬੇਅਦਬੀ ਬਾਰੇ ਬਾਦਲਾਂ ਨੇ ਸੱਚ ਛੁਪਾਈ ਰੱਖਿਆ: ਰੰਧਾਵਾ

ਭੁੱਚੋ ਮੰਡੀ : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਵਾ ਨੇ ਆਖਿਆ ਕਿ ਬੇਅਦਬੀ ਮਾਮਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਬਾਦਲਾਂ ਨੇ ਸੱਚ ਨੂੰ ਛੁਪਾ ਕੇ ਲੋਕਾਂ ਨੂੰ ਧੋਖਾ ਦਿੱਤਾ। ਉਨ੍ਹਾਂ ਆਖਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਸੂਰਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵੱਡਾ ਲੀਡਰ ਜਾਂ ਅਧਿਕਾਰੀ ਹੋਵੇ। ਉਨ੍ਹਾਂ ਆਖਿਆ ਕਿ ਅਕਾਲੀ ਦਲ ਬਾਦਲ ਦੇ ਮੰਤਰੀ ਤੋਤਾ ਸਿੰਘ ਨੂੰ ਘਪਲਿਆਂ ਕਾਰਨ ਆਪਣਾ ਅਹੁਦਾ ਛੱਡਣਾ ਪਿਆ ਸੀ। ਇਨ੍ਹਾਂ ਦੇ ਰਾਜ ਵਿੱਚ ਡੇਰਾ ਸਿਰਸਾ ਦੇ ਮੁਖੀ ਵੱਲੋਂ ਬਿਨਾਂ ਮੁਆਫ਼ੀ ਮੰਗੇ ਹੀ ਮੁਆਫ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਆਪਣੇ ਰਾਜਕਾਲ ਦੌਰਾਨ ਭੋਲਾ ਸਿੰਘ ਡਰੱਗ ਮਾਫੀਏ ਤੋਂ ਫੜੀ ਗਈ 6000 ਕਰੋੜ ਦੀ ਹੈਰੋਇਨ ਦਾ ਹਿਸਾਬ ਕਿਤਾਬ ਦੇਣ। ਜੇਲ੍ਹਾਂ ਵਿੱਚ ਪੁੱਜ ਰਹੇ ਮੋਬਾਈਲਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਇਕੱਲੇ ਪੰਜਾਬ ਵਿੱਚ ਹੀ ਨਹੀਂ, ਸਾਰੀ ਦੁਨੀਆਂ ਵਿੱਚ ਹੈ। ਇਸ ਦੇ ਹੱਲ ਲਈ ਸਰਕਾਰ ਵੱਲੋਂ ਯਤਨ ਜਾਰੀ ਹਨ। ਇਹ ਸਮੱਸਿਆ ਜੈਮਰ ਲਗਾਏ ਬਿਨਾਂ ਖ਼ਤਮ ਨਹੀਂ ਹੋਣੀ।।

Leave a Reply

Your email address will not be published. Required fields are marked *