ਮੱਤੇਵਾੜਾ ਸਨਅਤੀ ਪਾਰਕ ਵਾਸਤੇ ਜੰਗਲਾਤ ਖੇਤਰ ਨਹੀਂ ਵਰਤੇਗੀ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੱਤੇਵਾੜਾ ਜੰਗਲਾਤ ਭੂਮੀ (ਜ਼ਿਲ੍ਹਾ ਲੁਧਿਆਣਾ) ’ਤੇ ਕੋਈ ਉਦਯੋਗਿਕ ਪਾਰਕ ਸਥਾਪਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਲੋੜੀਂਦੇ ਉਦਯੋਗਿਕ ਵਿਕਾਸ ਲਈ ਸਿਰਫ਼ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਮੁੱਦੇ ‘ਤੇ ਸਪੱਸ਼ਟੀਕਰਨ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੱਤੇਵਾੜਾ ਦੇ 2300 ਏਕੜ ਜੰਗਲੀ ਖੇਤਰ ਦਾ ਕੋਈ ਹਿੱਸਾ ਪ੍ਰਸਤਾਵਿਤ 1000 ਏਕੜ ਦੇ ਵਿਕਾਸ ਵਿਚ ਨਹੀਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਉਦਯੋਗਿਕ/ਮਿਕਸਡ ਲੈਂਡ ਯੂਜ਼ ਅਸਟੇਟ ਲਈ ਪਿੰਡ ਹੈਦਰ ਨਗਰ, ਸੇਖੋਵਾਲ, ਸਲੇਮਪੁਰ, ਸੈਲਕਿਆਨਾ ਅਤੇ ਮਾਛੀਆ-ਕਲਾਂ ਦੀਆਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਜ਼ਮੀਨ ਮਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਸਰਕਾਰ ਸਤਲੁਜ ਸਮੇਤ ਸਾਰੇ ਦਰਿਆਵਾਂ ਨੂੰ ਸਾਫ਼ ਰੱਖਣ ਦੀ ਮਹੱਤਤਾ ਤੋਂ ਭਲੀ ਭਾਂਤ ਜਾਣੂ ਹੈ। ਉਨ੍ਹਾਂ ਕਿਹਾ ਕਿ ਮੱਤੇਵਾੜਾ ਉਦਯੋਗਿਕ ਪਾਰਕ ਨਾਲ ਲੱਗਦੇ ਸਤਲੁਜ ਦਰਿਆ ਦੇ ਨਾਲ ਨਾਲ ਇੱਕ 6-ਲੇਨ ਉੱਚ ਪੱਧਰੀ ਸੜਕ ਹੜ੍ਹਾਂ ਵਿਰੁੱਧ ਬੰਨ੍ਹ ਦਾ ਕੰਮ ਕਰਨ ਦੇ ਨਾਲ ਇਹ ਸੁਨਸ਼ਚਿਤ ਕਰੇਗੀ ਕਿ ਕਿਸੇ ਵੱਲੋਂ ਵੀ ਕੋਈ ਦੂਸ਼ਿਤ ਤੱਤ ਦਰਿਆ ਵਿੱਚ ਨਾ ਸੁੱਟਿਆ ਜਾਵੇ। ਇਸਦੇ ਨਾਲ ਹੀ ਇਹ ਵੀ ਯੋਜਨਾ ਹੈ ਕਿ ਦਰਿਆ ਸਾਹਮਣੇ ਸਿਰਫ਼ ਪ੍ਰਦੂਸ਼ਣ ਰਹਿਤ ਯੂਨਿਟ, ਦਫ਼ਤਰ, ਮਨੋਰੰਜਨ ਗਤੀਵਿਧੀਆਂ, ਕੰਮ ਕਰਨ ਵਾਲਿਆਂ ਦੀਆਂ ਰਿਹਾਇਸ਼ਾਂ ਅਤੇ ਹੋਟਲ ਬਣਾਏ ਜਾਣਗੇ, ਹਾਲਾਂਕਿ ਸੂਬੇ ਦਾ ਉਦਯੋਗਿਕ ਹੱਬ ਹੋਣ ਦੇ ਨਾਤੇ ਲੁਧਿਆਣਾ ਨੂੰ ਉਦਯੋਗਿਕ ਗਤੀਵਿਧੀਆਂ ਦੇ ਵਿਸਥਾਰ ਅਤੇ ਕੋਵਿਡ-19 ਨਾਲ ਨਜਿੱਠਣ ਲਈ ਸੂਬੇ ਦੀ ਸਹਾਇਤਾ ਵਾਸਤੇ ਯੋਜਨਾਬੱਧ ਥਾਂ ਦੀ ਜ਼ਰੂਰਤ ਹੈ।

Leave a Reply

Your email address will not be published. Required fields are marked *