ਸੇਖੋਵਾਲ ਦੀ ਪੰਚਾਇਤੀ ਜ਼ਮੀਨ ਗ੍ਰਹਿਣ ਨਹੀਂ ਹੋਣ ਦਿਆਂਗੇ: ਬੈਂਸ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸ਼ਹਿਰ ਦੇ ਰਾਹੋਂ ਰੋਡ ’ਤੇ ਸਥਿਤ ਪਿੰਡ ਸੇਖੋਵਾਲ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਨੇ ਅੱਜ ਪਿੰਡ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਹਾਲ ਵਿਚ ਉਹ ਪਿੰਡ ਦੀ ਪੰਚਾਇਤੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਣਗੇ। ਇਸ ਤੋਂ ਇਲਾਵਾ ਜੇ ਪਿੰਡ ਵਾਸੀਆਂ ਨੂੰ ਕਾਨੂੰਨੀ ਜਾਂ ਹੋਰ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਲੋਕ ਇਨਸਾਫ਼ ਪਾਰਟੀ ਉਨ੍ਹਾਂ ਦੀ ਮਦਦ ਕਰੇਗੀ। ਵਿਧਾਇਕ ਬੈਂਸ ਨੇ ਐਲਾਨ ਕੀਤਾ ਕਿ ਉਹ ਜਲਦ ਇਸ ਪਿੰਡ ਵਿਚ ਨੇੜਲੇ ਪਿੰਡਾਂ ਦੇ ਲੋਕਾਂ ਦਾ ਇਕੱਠ ਕਰਨਗੇ ਤੇ ਸਰਕਾਰ ਖ਼ਿਲਾਫ਼ ਪਿੰਡ ਵਾਸੀਆਂ ਨਾਲ ਮਿਲ ਕੇ ਮੋਰਚਾ ਖੋਲ੍ਹਣਗੇ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਆਇਆ ਤਾਂ ਉਸ ਨੂੰ ਪਿੰਡ ਅੰਦਰ ਨਹੀਂ ਵੜਨ ਦਿੱਤਾ ਜਾਵੇਗਾ। 

 ਵਿਧਾਇਕ ਬੈਂਸ ਨੇ ਪਿੰਡ ਦੀ ਸਰਪੰਚ ਅਮਰੀਕ ਕੌਰ ਤੇ ਸਾਬਕਾ ਸਰਪੰਚ ਧੀਰ ਸਿੰਘ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਵਿਧਾਇਕ ਬੈਂਸ ਨੇ ਦੱਸਿਆ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਛਾਪੀ ਗਈ ਖ਼ਬਰ ਪੜ੍ਹ ਕੇ ਅੱਜ ਉਹ ਇਸ ਪਿੰਡ ਵਿਚ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰੇ ਪੰਜਾਬ ਦੀਆਂ ਸਨਅਤਾਂ ਬੰਦ ਹੋਣ ਦੀ ਕਗਾਰ ’ਤੇ ਹਨ ਤੇ ਕੁਝ ਪੰਜਾਬ ਨੂੰ ਛੱਡ ਕੇ ਗੁਆਂਢੀ ਸੂਬਿਆਂ ਵਿਚ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਕੋਲ ਹੋਰ ਕੁਝ ਕਰਨ ਨੂੰ ਨਹੀਂ ਹੈ ਤਾਂ ਸਰਕਾਰ ਨੇ ਆਪਣੇ ਨੇੜਲਿਆਂ ਨੂੰ ਫਾਇਦਾ ਦੇਣ ਲਈ ਇਹ ਨਵੀਂ ਸਕੀਮ ਤਿਆਰ ਕੀਤੀ ਹੈ। ਸਰਕਾਰ ਪਿੰਡਾਂ ਦੀ ਉਪਜਾਊ ਜ਼ਮੀਨ ਕੌਡੀਆਂ ਦੇ ਭਾਅ ਸਨਅਤਕਾਰਾਂ ਨੂੰ ਵੇਚੇਗੀ, ਜਿਸ ਨਾਲ ਮੌਜੂਦਾ ਸਰਕਾਰ ਦੇ ਮੰਤਰੀਆਂ ਨੂੰ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਸਨਅਤਾਂ ਦੇ ਨਾਂ ’ਤੇ ਪਿੰਡ ਕਿਉਂ ਉਜਾੜੇ ਜਾ ਰਹੇ ਹਨ, ਇਹ ਗੱਲ ਸਮਝ ਨਹੀਂ ਆ ਰਹੀ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਹ ਫ਼ੈਸਲਾ ਨਾ ਬਦਲਿਆ ਤਾਂ ਸਰਕਾਰ ਖ਼ਿਲਾਫ਼ ਕਾਨੂੰਨੀ ਲੜਾਈ ਲੜੀ ਜਾਵੇਗੀ ਤੇ ਸੜਕਾਂ ’ਤੇ ਸੰਘਰਸ਼ ਕੀਤਾ ਜਾਵੇਗਾ। 

ਦੱਸਣਯੋਗ ਹੈ ਕਿ ਸਨਅਤੀ ਸ਼ਹਿਰ ਦੇ ਇਸ ਪਿੰਡ ਦੀ 407 ਏਕੜ ਵਾਹੀਯੋਗ ਜ਼ਮੀਨ ਨੂੰ ਸਰਕਾਰ  ਐਕੁਆਇਰ ਕਰ ਰਹੀ ਹੈ, ਜਿਸ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ। ਇਸ ਜ਼ਮੀਨ ’ਤੇ ਪਿੰਡ ਦੇ 80 ਪਰਿਵਾਰ ਖੇਤੀ ਕਰ ਕੇ ਆਪਣੀ ਜ਼ਿੰਦਗੀ ਦਾ ਗੁਜ਼ਾਰਾ ਕਰ ਰਹੇ ਹਨ ਤੇ ਸਾਰੇ ਪਰਿਵਾਰਾਂ ਕੋਲ 5-5 ਏਕੜ ਜ਼ਮੀਨ ਹੈ। ਜੇ ਸਰਕਾਰ ਇਹ ਜ਼ਮੀਨ ਐਕੁਆਇਰ ਕਰਦੀ ਹੈ ਤਾਂ ਪਿੰਡ ਵਾਸੀਆਂ ਕੋਲ ਖੇਤੀ ਕਰਨ ਲਈ ਕੋਈ ਜਗ੍ਹਾ ਨਹੀਂ ਬਚੇਗੀ ਤੇ ਪਿੰਡ ਵਾਲੇ ਸੜਕਾਂ ’ਤੇ ਆ ਜਾਣਗੇ। 

Leave a Reply

Your email address will not be published. Required fields are marked *