ਖੇਤੀ ਆਰਡੀਨੈਂਸ: ਮੁੱਖ ਮੰਤਰੀ ਵੱਲੋਂ ਸਾਉਣੀ ਦੀ ਖ਼ਰੀਦ ਦੇ ਅਗੇਤੇ ਪ੍ਰਬੰਧ ਸ਼ੁਰੂ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਦੇ ਮਾੜੇ ਪ੍ਰਭਾਵਾਂ ਨੂੰ ਧਿਆਨ ’ਚ ਰੱਖਦਿਆਂ ਅਗਲੀ ਸਾਉਣੀ ਦੀ ਫ਼ਸਲ ਲਈ ਵਿੱਤ ਵਿਭਾਗ ਨੂੰ ਸਾਰੇ ਇੰਤਜ਼ਾਮ ਮੁਕੰਮਲ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨਕਦ ਕਰਜਾ ਹੱਦ (ਸੀਸੀਐੱਲ) ਬਾਬਤ ਸਾਰੇ ਵਿੱਤੀ ਪ੍ਰਬੰਧ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਸੀਜ਼ਨ ਵਿਚ ਅਦਾਇਗੀ ਦੀ ਕੋਈ ਮੁਸ਼ਕਲ ਨਾ ਆਵੇ।
ਮੁੱਖ ਮੰਤਰੀ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ ਨੂੰ ਅਗਲੇ ਸੀਜ਼ਨ ਵਿਚ ਫ਼ਸਲ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਉਣ ਬਾਰੇ ਹਦਾਇਤਾਂ ਕੀਤੀਆਂ। ਉਨ੍ਹਾਂ ਖ਼ੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਇਹ ਪੱਕਾ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਦਾਇਗੀਆਂ ਸਮੇਂ ਸਿਰ ਪੁੱਜਦੀਆਂ ਹੋ ਜਾਣ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਆਈਆਈਟੀ ਰੋਪੜ ਅਤੇ ਆਈਆਈਐੱਮ ਅੰਮ੍ਰਿਤਸਰ ਦੇ ਮੁਖੀਆਂ ਨਾਲ ਵੱਖੋ-ਵੱਖ ਵੀਡੀਓ ਕਾਨਫਰੰਸ ਰਾਹੀਂ ਹੁਨਰ ਵਿਕਾਸ ਦੇ ਖੇਤਰਾਂ ਵਿਚ ਤਿੰਨ ਸਮਝੌਤੇ ਸਹੀਬੰਦ ਕੀਤੇ।