ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਮੁਆਫ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕੋਵਿਡ ਸੰਕਟ ਕਰ ਕੇ ਸੂਬੇ ਅੰਦਰ ਸਰਕਾਰੀ ਸਕੂਲ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ ਵਿੱਚ ਜਾ ਚੁੱਕੀ ਹੈ, ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵਿੱਚ ਆਰਜ਼ੀ ਦਾਖਲੇ ਦਾ ਵੀ ਐਲਾਨ ਕੀਤਾ ਗਿਆ ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰ ਕੇ ਕੋਵਿਡ ਸੰਕਟ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ। ਉਨ੍ਹਾਂ ਇਹ ਐਲਾਨ ਅੱਜ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਕੀਤੇ। ਉਨ੍ਹਾਂ ਬਾਰ੍ਹਵੀਂ ਜਮਾਤ ਵਿੱਚੋਂ 98 ਫੀਸਦ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ 5100-5100 ਰੁਪਏ ਦੇ ਨਕਦ ਇਨਾਮ ਦਾ ਵੀ ਐਲਾਨ ਕੀਤਾ। ਸਰਕਾਰੀ ਸਕੂਲਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ 94.32 ਪਾਸ ਫੀਸਦ ਸਕੂਲ ਬੋਰਡ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵਧੇਰੇ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ ਵਿੱਚ 13 ਫੀਸਦ ਦਾ ਵਾਧਾ ਹੋਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ’ਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਹੋਛੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ।’’ ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਹਾਲਾਤ ਮੌਕੇ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉੱਤੇ ਹੀ ਖਰਚੇ ਜਾਣਗੇ। ‘ਸਾਡੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉੱਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉੱਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ।’

ਮੁੱਖ ਮੰਤਰੀ ਨੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਪਣੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਉਹ ਕਰੋਨਾ ਸਬੰਧੀ ਸਾਰੇ ਇਹਤਿਆਤਾਂ ਦੀ ਪਾਲਣਾ ਕਰਨ ਦੇ ਨਾਲ ਵਾਧੂ ਭੀੜ ਜਟਾਉਣ ਤੋਂ ਪਰਹੇਜ਼ ਕਰਨ। ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੇ ਕੇਸਾਂ ਦੀ ਗਿਣਤੀ ਦੇ ਲਿਹਾਜ਼ ਨਾਲ ਪੰਜਾਬ ਇਸ ਵੇਲੇ 18ਵੇਂ ਨੰਬਰ ਉੱਤੇ ਹੈ ਪਰ ਪਿਛਲੇ ਦਿਨਾਂ ਤੋਂ ਰੋਜ਼ਾਨਾ ਵੱਖ-ਵੱਖ ਥਾਵਾਂ ਤੋਂ 400 ਤੋਂ ਵੱਧ ਕੇਸਾਂ ਦੇ ਆਉਣ ਕਾਰਨ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ 9000 ਤੋਂ ਵੱਧ ਲੋਕਾਂ ਦਾ ਠੀਕ ਹੋਣਾ ਉਤਸ਼ਾਹ ਤੇ ਰਾਹਤ ਵਾਲੀ ਗੱਲ ਹੈ।

ਕੈਪਟਨ ਨੇ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲਈ ਕਿਹਾ ਜਿਸ ਲਈ ਜਲਦੀ ਹੀ ਅੰਮ੍ਰਿਤਸਰ ਤੇ ਫਰੀਦਕੋਟ ਵਿਖੇ ਦੋ ਬੈਂਕ ਹੋਰ ਖੋਲ੍ਹੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾ ਪਲਾਜ਼ਮਾ ਬੈਂਕ ਪਟਿਆਲਾ ਵਿਖੇ ਸ਼ੁਰੂ ਹੋ ਗਿਆ ਹੈ ਜਿੱਥੇ ਹੁਣ ਤੱਕ ਆਏ 17 ਦਾਨੀਆਂ ਵਿੱਚੋਂ ਸਿਰਫ 7 ਹੀ ਪਲਾਜ਼ਮਾ ਦਾਨ ਕਰਨ ਲਈ ਯੋਗ ਪਾਏ ਗਏ ਹਨ ਜੋ ਕਿ 40 ਫੀਸਦੀ ਦਰ ਬਣਦੀ ਹੈ।

ਜਲ੍ਹਿਆਂਵਾਲਾ ਬਾਗ ਵਿੱਚ ਇਤਰਾਜ਼ਯੋਗ ਤਸਵੀਰਾਂ ਲਗਾਉਣ ਦੇ ਮਾਮਲੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਸਥਾਨਾਂ ਉੱਤੇ ਭਾਰਤ ਸਰਕਾਰ ਅਤੇ ਏਐੱਸਆਈ (ਪੁਰਾਤੱਤਵ ਸਰਵੇਖਣ) ਦਾ ਕੰਟਰੋਲ ਹੁੰਦਾ ਹੈ। ਅਕਤੂਬਰ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹਾਲੇ ਤੱਕ ਕੋਈ ਤਰੀਕ ਨਿਸ਼ਚਤ ਨਹੀਂ ਹੋਈ ਅਤੇ ਸੂਬਾ ਸਰਕਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਤਰੀਕ ਬਾਰੇ ਫੈਸਲਾ ਲੈਣ ਲਈ ਕਿਹਾ ਹੈ।

Leave a Reply

Your email address will not be published. Required fields are marked *