ਸ਼੍ਰੋਮਣੀ ਕਮੇਟੀ ਦੀ ਜਗ੍ਹਾ ਠੇਕੇ ’ਤੇ ਦੇਣ ਦਾ ਮਾਮਲਾ ਭਖਿਆ

ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੀ ਜਗ੍ਹਾ ਦਾ ਇੱਕ ਸਾਲ ਲਈ ਠੇਕਾ 75 ਲੱਖ ਰੁਪਏ ਵਿਚ ਦਿੱਤੇ ਜਾਣ ਤੋਂ ਬਾਅਦ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਦਾ ਵਿਰੋਧ ਕਰਦੇ ਹੋਏ ਐਲਾਨ ਕੀਤਾ ਕਿ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮਾਮਲੇ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੁਰਦੁਆਰੇ ਦੇ ਮੈਨੇਜਰ ਕਰਮ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਇਸ ਠੇਕੇ ਨੂੰ ਰੱਦ ਕੀਤਾ ਜਾਵੇ।

ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਨੇ ਮੀਟਿੰਗ ਕੀਤੀ ਤੇ ਝਗੜੇ ਵਾਲੀ ਜਗ੍ਹਾ ਦਾ ਦੌਰਾ ਕੀਤਾ। ਊਨ੍ਹਾਂ ਪੁਲੀਸ ਕਪਤਾਨ ਹਰਪਾਲ ਸਿੰਘ ਨਾਲ ਮੁਲਾਕਾਤ ਕਰ ਕੇ ਮਾਹੌਲ ਖ਼ਰਾਬ ਨਾ ਹੋਣ ਦੇਣ ਦੀ ਅਪੀਲ ਕੀਤੀ। ਊਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਨੂੰ ਵੀ ਬੁਲਾਇਆ। ਸ੍ਰੀ ਲੌਂਗੋਵਾਲ ਵੱਲੋਂ ਅੱਜ ਸ਼ਾਮ ਡੀਸੀ ਫ਼ਤਹਿਗੜ੍ਹ ਸਾਹਿਬ ਨਾਲ ਫੋਨ ’ਤੇ ਗੱਲਬਾਤ ਕੀਤੀ ਗਈ। ਊਨ੍ਹਾਂ ਸਪੱਸ਼ਟ ਕੀਤਾ ਕਿ ਜੇ ਸਰਕਾਰ ਨੇ ਆਪਣਾ ਵਤੀਰਾ ਨਾ ਬਦਲਿਆ ਤਾਂ ਉਹ ਅਦਾਲਤ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਰਕਿੰਗ ਵਾਲੀ 30 ਫੁੱਟ ਜਗ੍ਹਾ ਛੱਡ ਕੇ ਸ਼੍ਰੋਮਣੀ ਕਮੇਟੀ ਦੀ ਮਾਲਕੀ ਜਗ੍ਹਾ ਵਿੱਚੋਂ ਬਾਕੀ ਜਗ੍ਹਾ ਦਾ ਇੱਕ ਤਿਹਾਈ ਹਿੱਸਾ ਹੀ ਆਰਜ਼ੀ ਤੌਰ ’ਤੇ ਇੱਕ ਸਾਲ ਲਈ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ।

ਦੂਜੇ ਪਾਸੇ, ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ਦੇ ਸਾਹਮਣੇ ਪਾਰਕਿੰਗ ਵਾਲੀ ਜਗ੍ਹਾ ਨੂੰ ਤਹਿਸ਼-ਨਹਿਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ ਗੁਰੂਘਰਾਂ ਦੇ ਆਲੇ-ਦੁਆਲੇ ਦੀ ਸੁੰਦਰਤਾ ਦਾ ਨੁਕਸਾਨ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਪੁਲੀਸ ਨੇ ਠੇਕੇਦਾਰ ਨੂੰ ਬੀਤੀ ਰਾਤ ਹਿਰਾਸਤ ਵਿਚ ਲੈ ਲਿਆ ਸੀ ਪਰ ਸ਼੍ਰੋਮਣੀ ਕਮੇਟੀ ਦੇ ਦਖ਼ਲ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *