ਜ਼ਹਿਰੀਲੀ ਸ਼ਰਾਬ: ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਆਏ ਭਾਜਪਾਈ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਕੁਨ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਪੁੱਜੇ ਪਰ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ ਉਪਰੰਤ ਭਾਜਪਾ ਆਗੂਆਂ ਨੇ ਸੈਕਟਰ-17 ਵਿੱਚ ਹੀ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਕਾਂਗਰਸ ਸਰਕਾਰ ਦੀ ਦੇਖ-ਰੇਖ ਹੇਠ ਕੰਮ ਕਰ ਰਿਹਾ ਹੈ ਜਿਨ੍ਹਾਂ ਖ਼ਿਲਾਫ਼ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਵੀ ਭਾਜਪਾ ਨੇ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ ਪਰ ਮੁੱਖ ਮੰਤਰੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਤਾਲਾਬੰਦੀ ਦੌਰਾਨ ਸ਼ਰਾਬ ਮਾਫ਼ੀਆ ਨੇ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਰੱਜ ਕੇ ਵੇਚੀ ਜਿਸ ਕਰਕੇ 128 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਸਭ ਕਾਂਗਰਸ ਦੇ ਆਗੂਆਂ ਅਤੇ ਅਫ਼ਸਰਾਂ ਦੀ ਮਿਲੀਭੁਗਤ ਦਾ ਨਤੀਜਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਜਾਵੇ। ਇਸ ਮੌਕੇ ਤਰੁਣ ਚੁੱਘ, ਵਿਜੈ ਸਾਂਪਲਾ, ਦਿਨੇਸ਼ ਕੁਮਾਰ, ਜੀਵਨ ਗੁਪਤਾ, ਸੁਭਾਸ਼ ਸ਼ਰਮਾ, ਮਲਵਿੰਦਰ ਸਿੰਘ ਕੰਗ, ਮਦਨ ਮੋਹਨ ਮਿੱਤਲ, ਡਾ. ਬਲਦੇਵ ਰਾਜ ਚਾਵਲਾ, ਮਨੋਰੰਜਨ ਕਾਲੀਆ, ਮਾਸਟਰ ਮੋਹਨ ਲਾਲ, ਅਨਿਲ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਹਾਜ਼ਰ ਸਨ।
‘ਆਪ’ ਵਿਧਾਇਕ ਸਣੇ 170 ਜਣਿਆਂ ਖ਼ਿਲਾਫ਼ ਕੇਸ
ਤਰਨ ਤਾਰਨ (ਗੁਰਬਖਸ਼ਪੁਰੀ): ਪਿੰਡ ਪੰਡੋਰੀ ਗੋਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਦੋ ਮੌਤਾਂ ਖਿਲਾਫ਼ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਸੀ ਜਿਸ ਕਾਰਨ ਵਿਧਾਇਕ ਸਮੇਤ ‘ਆਪ’ ਦੇ 170 ਆਗੂਆਂ ਤੇ ਵਰਕਰਾਂ ਖਿਲਾਫ਼ ਇਥੋਂ ਦੀ ਥਾਣਾ ਸਦਰ ਪੁਲੀਸ ਨੇ ਕੇਸ ਦਰਜ ਕੀਤਾ ਹੈ। ਕੇਸ ਦਰਜ ਕੀਤੇ ਜਾਣ ਦੇ ਬਾਵਜੂਦ ਵੀ ਪਾਰਟੀ ਵਰਕਰਾਂ ਨੇ ਅੱਜ ਦੂਜੇ ਦਿਨ ਵੀ ਉਥੇ ਧਰਨਾ ਦਿੱਤਾ ਅਤੇ ਪੁਲੀਸ ਵਲੋਂ ਜ਼ਹਿਰੀਲੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦਾ ਦੋਸ਼ ਲਗਾਇਆ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਡਿਜ਼ਾਸਟਰ ਮੈਨੇਜਮੈਂਟ ਐਕਟ ਤੇ ਕੌਮੀ ਸ਼ਾਹ ਮਾਰਗ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮਨਜਿੰਦਰ ਸਿੰਘ ਲਾਲਪੁਰਾ, ਜਸਬੀਰ ਸਿੰਘ ਸੁਰਸਿੰਘ, ਡਾ. ਕਸ਼ਮੀਰ ਸਿੰਘ ਸੋਹਲ, ਰਣਜੀਤ ਸਿੰਘ ਚੀਮਾ, ਗੁਰਦੇਵ ਸਿੰਘ ਲਖਣਾ, ਲਾਲਜੀਤ ਸਿੰਘ ਭੁੱਲਰ, ਦਲਬੀਰ ਸਿੰਘ ਟੌਂਗ, ਹਰਭਜਨ ਸਿੰਘ ਈਟੀਓ, ਹਰੀ ਸਿੰਘ ਸੇਵਾਮੁਕਤ ਏਐਸਆਈ ਸਣੇ 170 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਧਰਨਾ ਦੇ ਕੇ ਸੁਪਰੀਮ ਕੋਰਟ ਦੇ ਕੋਵਿਡ-19 ਮਹਾਮਾਰੀ ਰੋਕੇ ਜਾਣ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਕੌਮੀ ਸ਼ਾਹ ਮਾਰਗ ਵੀ ਰੋਕਿਆ ਹੈ। ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਐਸਐਸਪੀ ਧਰਨੇ ਵਾਲੀ ਥਾਂ ਆ ਕੇ ਉਨ੍ਹਾਂ ਕੋਲੋਂ ਮੰਗ ਪੱਤਰ ਲੈਣ ਜਦਕਿ ਅਧਿਕਾਰੀ ਨੇ ਪਾਰਟੀ ਦੇ ਪੰਜ ਆਗੂਆਂ ਨੂੰ ਆਪਣੇ ਦਫਤਰ ਆ ਕੇ ਮੰਗ ਪੱਤਰ ਦੇਣ ਲਈ ਕਿਹਾ।