ਮੁਲਤਾਨੀ ਕਤਲ ਕੇਸ: ਸੁਮੇਧ ਸੈਣੀ ਸੁਰੱਖਿਆ ਛੱਤਰੀ ਛੱਡ ਕੇ ਫ਼ਰਾਰ

ਸਾਹਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਡਰੋਂ ਕਥਿਤ ਆਪਣੀ ਸੁਰੱਖਿਆ ਛੱਤਰੀ ਛੱਡ ਕੇ ਰੂਪੋਸ਼ ਹੋ ਗਿਆ ਹੈ। ਉਧਰ ਸੈਣੀ ਦੀ ਪਤਨੀ ਨੇ ਪੰਜਾਬ ਦੇ ਡੀਜੀਪੀ ਨੂੰ ਅਰਜ਼ੀ ਦੇ ਕੇ ਉਨ੍ਹਾਂ ਦੇ ਪਰਿਵਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ਦੀ ਗੱਲ ਕਰਦਿਆਂ ਆਪਣੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ। ਇਸੇ ਦੌਰਾਨ ਮੁਹਾਲੀ ਪੁਲੀਸ ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਸੈਣੀ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਸੂਤਰ ਦੱਸਦੇ ਹਨ ਕਿ ਸੈਣੀ ਦਿੱਲੀ ਵਿੱਚ ਜਾ ਕੇ ਛੁਪ ਗਿਆ ਹੈ।

ਪੰਜਾਬ ਪੁਲੀਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਤੋਂ ਸਾਫ ਇਨਕਾਰ ਕਰਦਿਆਂ ਕਿਹਾ ਕਿ ਹਾਈ ਕੋਰਟ ਵੱਲੋਂ ਸਿਟਕੋ ਦੇ ਸਾਬਕਾ ਜੇਈ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ਵਿੱਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕੀਤੇ ਜਾਣ ਤੋਂ ਇਕ ਦਿਨ ਪਹਿਲਾਂ ਸਾਬਕਾ ਡੀਜੀਪੀ ਆਪਣੀ ਸੁਰੱਖਿਆ ਪਿੱਛੇ ਛੱਡ ਕੇ ਫ਼ਰਾਰ ਹੋ ਗਏ ਹਨ। ਪੰਜਾਬ ਪੁਲੀਸ ਦੀ ‘ਸਿੱਟ’ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਪੁਲੀਸ ਹਿਰਾਸਤ ਵਿਚ ਕਤਲ ਦੇ ਮਾਮਲੇ, ਜਿਸ ਨੂੰ ਹੁਣ ਕਤਲ ਕੇਸ ਵਿੱਚ ਤਬਦੀਲ ਕੀਤਾ ਗਿਆ ਹੈ, ਦੇ ਸਬੰਧ ਵਿੱਚ ਪੜਤਾਲ ਕਰਦਿਆਂ ਸੈਣੀ ਦੀ ਪਤਨੀ ਦੇ ਸੁਰੱਖਿਆ ਵਾਪਸ ਲੈਣ ਦੇ ਦੋਸ਼ ਨੂੰ ਨਕਾਰ ਦਿੱਤਾ।

ਬੁਲਾਰੇ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿੱਚ ਸੈਣੀ ਦੀ ਪਤਨੀ ਦੁਆਰਾ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ, ਸੁਰੱਖਿਆ, ਵਾਹਨਾਂ ਅਤੇ ਹੋਰ ਸਾਧਨਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਸਮੇਤ ਸਾਬਕਾ ਪੁਲੀਸ ਮੁਖੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਮੁਹੱਈਆ ਕਰਵਾਈ ਗਈ ਜੋ ਕਿ ਰਾਜ ਸਰਕਾਰ ਦੀ ਸੁਰੱਖਿਆ ਹੈ। ਬੁਲਾਰੇ ਨੇ ਕਿਹਾ ਕਿ ਅਸਲ ਵਿੱਚ ਸੈਣੀ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਪੰਜਾਬ ਪੁਲੀਸ ਦੇ ਸੁਰੱਖਿਆ ਕਰਮਚਾਰੀਆਂ ਅਤੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਅਤੇ ਜੈਮਰ ਵਾਹਨ ਨੂੰ ਖ਼ੁਦ ਹੀ ਛੱਡ ਕੇ ਕਿਤੇ ਬਾਹਰ ਚਲੇ ਗਏ ਅਤੇ ਖੁਦ ਹੀ ਆਪਣੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਰਹੇ ਹਨ। ਇਸ ਤੋਂ ਇਲਾਵਾ ਜੈਮਰ ਵਾਹਨ ਤੇ ਸੁਰੱਖਿਆ ਵਾਹਨ ਅਜੇ ਵੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਖੜ੍ਹੇ ਵੇਖੇ ਜਾ ਸਕਦੇ ਹਨ। ਬੁਲਾਰੇ ਨੇ ਕਿਹਾ ਕਿ ਸੈਣੀ ਦੀ ਪਤਨੀ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਤੋਂ ਲੱਗਦਾ ਹੈ ਕਿ ਉਹ ਚੰਡੀਗੜ੍ਹ ਦੀ ਰਿਹਾਇਸ਼ ਤੋਂ ਅਲੋਪ ਹੋ ਗਏ ਹਨ, ਜੋ ਇਸ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਲੈਣ ਦੇ ਉਨ੍ਹਾਂ ਦੇ ਦਾਅਵੇ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਜਾਪਦੀ ਹੈ। ਬੁਲਾਰੇ ਨੇ ਕਿਹਾ ਕਿ ਰਾਜ ਸਰਕਾਰ ਸੈਣੀ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਉਸ ਦੀ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਲਈ ਕੁਝ ਨਹੀਂ ਕਰੇਗੀ।

Leave a Reply

Your email address will not be published. Required fields are marked *