ਲੋਕਾਂ ਨੂੰ ਡਰਾ ਰਹੀ ਹੈ ‘ਆਪ’: ਕੈਪਟਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਦੇ ਲੋਕਾਂ ਅੰਦਰ ਪੈਦਾ ਕੀਤੇ ਬੇਲੋੜੇ ਡਰ ਕਰਕੇ ਉਹ ਕਰੋਨਾਵਾਇਰਸ ਦੀ ਜਾਂਚ ਲਈ ਅੱਗੇ ਆਉਣ ਤੋਂ ਝਿਜਕਦੇ ਹਨ ਤੇ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾ ਰਹੇ ਹਨ। ਪੰਜਾਬ ਦੇ ਵਜ਼ੀਰਾਂ, ਵਿਧਾਇਕਾਂ ਅਤੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਨਾਲ ਤਾਲਮੇਲ ਬਣਾ ਕੇ ਕੋਵਿਡ ਟੈਸਟਿੰਗ ਅਤੇ ਅੰਗ ਵੇਚੇ ਜਾਣ ਸਬੰਧੀ ਇਸ ਨਾਕਾਰਾਤਮਕ ਮੁਹਿੰਮ ਦਾ ਡਟਵਾਂ ਜਵਾਬ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦਾ ਇੱਕ ਕਾਰਕੁਨ ਕੋਵਿਡ ਜਾਂਚ ਅਤੇ ਇਲਾਜ ਸਬੰਧੀ ਗਲਤ ਸੂਚਨਾ ਫੈਲਾਉਣ ਲਈ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਵੱਲੋਂ ਔਕਸੀਮੀਟਰਾਂ ਦੀ ਵੰਡ ਦਾ ਐਲਾਨ ਮਹਿਜ਼ ਇਕ ਸਿਆਸੀ ਸਟੰਟ ਹੈ ਤੇ ਔਕਸੀਮੀਟਰਾਂ ਦਾ ਜਾਂਚ ਨਾਲ ਕੋਈ ਸਬੰਧ ਨਹੀਂ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਗਰੀਬ ਪਰਿਵਾਰਾਂ ਨੂੰ ਘਰੇਲੂ ਇਕਾਂਵਾਸ ਦੌਰਾਨ ਮੁਫ਼ਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਤੋਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਕੇਟ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਤੇ ਸਥਾਨਕ ਵਿਧਾਇਕ ਜ਼ਿਲ੍ਹਾਂ ਪ੍ਰਸ਼ਾਸਨ ਦੀ ਮਦਦ ਕਰਨਗੇ। ਮੀਟਿੰਗ ਦੌਰਾਨ ਪਿੰਡਾਂ ਵਿੱਚ ਕੋਵਿਡ ਬਾਰੇ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ’ਤੇ ਨੱਥ ਪਾਉਣ ਅਤੇ ਲੋਕਾਂ ਨੂੰ ਕੋਵਿਡ ਬਾਰੇ ਜਾਗਰੂਕ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਮੰਤਰੀਆਂ ਨੂੰ ਸਬੰਧਿਤ ਜ਼ਿਲ੍ਹਿਆਂ ਦੇ ਹਸਪਤਾਲਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਹਾਮਾਰੀ ਨਾਲ ਲੜਨ ਲਈ ਵਧੇਰੇ ਸਰਗਰਮੀ ਨਾਲ ਯਤਨਸ਼ੀਲ ਹੋਣ ਲਈ ਉਤਸ਼ਾਹਿਤ ਕਰਨ। ਮੁੁੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਜਲਦੀ ਹੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਮਾਰੀ ਬਾਰੇ ਗੁੰਮਰਾਹਕੁਨ ਪ੍ਰਚਾਰ ਕਰਨ ਵਾਲੇ ਵੈੱਬ-ਚੈਨਲਾਂ ਖਿਲਾਫ਼ ਕਾਰਵਾਈ ਲਈ ਕੇਂਦਰ ਸਰਕਾਰ ਤੋਂ ਸਲਾਹ ਲਈ ਜਾਵੇਗੀ। ਮੀਟਿੰਗ ’ਚ ਸ਼ਾਮਲ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਪੰਚਾਇਤਾਂ ਵੱਲੋਂ ਰਸਮੀ ਤੌਰ ’ਤੇ ਕੋਈ ਵੀ ਮਤੇ ਪਾਸ ਨਹੀਂ ਕੀਤੇ ਗਏ। ਇਸ ਲਈ ਕੁਝ ਵੀ ਰਿਕਾਰਡ ’ਤੇ ਨਹੀਂ ਹੈ। ਕੁਝ ਗੈਰ-ਸਮਾਜਿਕ ਤੱਤਾਂ ਨੇ 42 ਪਿੰਡਾਂ ਦੀਆਂ ਪੰਚਾਇਤਾਂ ਦੇ ਨਾਂਅ ’ਤੇ ਬਿਆਨ ਜਾਰੀ ਕੀਤੇ, ਜਿਨ੍ਹਾਂ ਵਿੱਚੋਂ 22 ਨੇ ਬਾਅਦ ਵਿੱਚ ਇਸ ਨੂੰ ਵਾਪਸ ਲੈ ਲਿਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਮਾਜ ਵਿਰੋਧੀ ਤੱਤਾਂ ਨੇ ਭੋਲੇ ਭਾਲੇ ਪਿੰਡ ਵਾਸੀਆਂ ਪਾਸੋਂ ਹਸਤਾਖ਼ਰ ਲਏ। ਉਨ੍ਹਾਂ ਅਜਿਹੇ ਬਿਆਨਾਂ ਨੂੰ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਆਪਣੇ ਹਿਤਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਪ੍ਰਚਾਰ ਦਾ ਹਿੱਸਾ ਦੱਸਿਆ। ਵਰਚੁਅਲ ਮੀਟਿੰਗ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਵਿਜੈ ਇੰਦਰ ਸਿੰਗਲਾ ਸ਼ਾਮਲ ਸਨ।

Leave a Reply

Your email address will not be published. Required fields are marked *