ਮਨਪ੍ਰੀਤ ਬਾਦਲ ਦੀ ਰਿਹਾਇਸ਼ ਬਾਹਰ ਅਕਾਲੀਆਂ ਵਲੋਂ ਦਿਤੇ ਧਰਨੇ ‘ਤੇ ਸਿਆਸਤ ਗਰਮਾਈ!

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਅਤੇ ਵਿਧਾਇਕਾਂ ਵਲੋਂ ਕੀਤੀ ਗੁੰਡਾਗਰਦੀ ਦੀ ਆਲੋਚਨਾ ਕੀਤੀ, ਜਿਨ੍ਹਾਂ ਨੇ ਵਿੱਤ ਮੰਤਰੀ ਨੂੰ ਰਹਾਇਸ਼ ਤੋਂ ਬਾਹਰ ਨਹੀਂ ਨਿਕਲਣ ਦਿਤਾ ਜਿਸ ਕਾਰਨ ਬਜਟ ਪੇਸ਼ ਕਰਨ ਵਿਚ ਦੇਰੀ ਹੋਈ।

ਮੰਤਰੀਆਂ ਨੇ ਇਹ ਵੀ ਕਿਹਾ ਕਿ ਅਕਾਲੀਆਂ ਨੂੰ ਸਿਆਸੀ ਲਾਹਾ ਖੱਟਣ ਲਈ ਖ਼ੁਦਕੁਸ਼ੀ ਪੀੜਤਾਂ ਦੇ ਪਰਵਾਰਕ ਮੈਂਬਰਾਂ ਦਾ ਸਹਾਰਾ ਲੈਣ ਲਈ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਅਕਾਲੀ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲੇ ‘ਤੇ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਇਕ ਸਾਂਝੇ ਬਿਆਨ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੱਧੂ ਅਤੇ ਸੁਖ ਸਰਕਾਰੀਆ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਗੁੰਡਿਆਂ ਨਾਲ ਮਿਲ ਕੇ ਮਨਪ੍ਰੀਤ ਬਾਦਲ ਨੂੰ ਉਨ੍ਹਾਂ ਦੀ ਰਹਾਇਸ਼ ਤੋਂ ਬਾਹਰ ਨਹੀਂ ਆਉਣ ਦਿਤਾ ਅਤੇ ਇਸ ਤਰ੍ਹਾਂ ਪੰਜਾਬ ਵਿਧਾਨ ਸਭਾ ਵਿਚ ਸਮੇਂ ਸਿਰ ਪਹੁੰਚਣ ਤੋਂ ਰੋਕਿਆ।

ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਦਨ ਦੀ ਕਾਰਵਾਈ ਨੂੰ ਵੀਹ ਮਿੰਟ ਲਈ ਰੋਕਨਾ ਪਿਆ ਕਿਉਂਕਿ ਅਕਾਲੀ ਗੁੰਡਿਆਂ ਅਤੇ ਵਿਧਾਇਕਾਂ ਵਲੋਂ ਅੜਿੱਕਾ ਲਾਉਣ ਕਰ ਕੇ ਵਿੱਤ ਮੰਤਰੀ ਸਮੇਂ ਸਿਰ ਵਿਧਾਨ ਸਭਾ ਵਿਚ ਨਹੀਂ ਪਹੁੰਚ ਸਕੇ। ਮੰਤਰੀਆਂ ਨੇ ਵਿਧਾਨ ਸਭਾ ਵਿਚ ਅਕਾਲੀ ਵਿਧਾਇਕਾਂ ਖ਼ਿਲਾਫ਼ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਦਾ ਸਵਾਗਤ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕੀਤਾ ਜਾਵੇ।

ਮੰਤਰੀਆਂ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਫ਼ਰਜ਼ ਹੈ, ਤੋਂ ਰੋਕ ਕੇ ਸਦਨ ਦੀ ਮਰਿਆਦਾ ਨੂੰ ਭੰਗ ਕੀਤਾ ਹੈ। ਮੰਤਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੰਵਿਧਾਨਕ ਮਰਿਆਦਾ  ਨੂੰ ਭੰਗ ਕਰਨ ਲਈ ਅਕਾਲੀ ਵਿਧਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Leave a Reply

Your email address will not be published. Required fields are marked *