ਸਿੱਖ ਕੌਮ ਦਾ ਸਨਮਾਨ ਨਾ ਕਰਨ ਵਾਲੇ ਮੋਦੀ ਨੂੰ ਸ਼ਤਾਬਦੀ ਸਮਾਗਮਾਂ ’ਚ ਨਹੀਂ ਸੱਦਿਆ ਜਾਵੇਗਾ: ਜਗੀਰ ਕੌਰ

ਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ ਤੋਂ ਉਪਰੰਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਬੀਬੀ ਜਗੀਰ ਕੌਰ ਨੇ ਅੱਜ ਅਹਿਮ ਐਲਾਨ ਕਰਦੇ ਹੋਏ ਕਿਹਾ ਸਿੱਖ ਕੌਮ ਸਣੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਣਦਾ ਮਾਣ-ਸਤਿਕਾਰ ਨਾ ਦੇਣ ਵਾਲੇ ਪ੍ਰਧਾਨ ਮੰਤਰੀ ਨੂੰ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਨਹੀਂ ਸੱਦਿਆ ਜਾਵੇਗਾ, ਕਿਉਂਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਵਾਸਤੇ ਪਹਿਲਾਂ ਸਿੱਖ ਕੌਮ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰੁਹ-ਰੀਤਾਂ ਮੁਤਾਬਕ ਵੱਖ-ਵੱਖ ਥਾਵਾਂ ’ਤੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਦੇ ਸਮਾਗਮਾਂ ਦੀ ਅਗਵਾਈ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਇਸ ਦਾ ਫਰਜ਼ ਬਣਦਾ ਹੈ ਕੇ ਸ਼ਰਧਾ ਦੇ ਨਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਰ ਸ਼ਰਧਾਲੂ ਦੀ ਫ਼ਰਾਖ਼ਦਿਲੀ ਦੇ ਨਾਲ ਸੇਵਾ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੰਭਾਲ ਕੀਤੀ ਜਾਵੇ। ਇਸ ਸਬੰਧੀ ਅੱਜ ਉਨ੍ਹਾਂ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੇ ਨਾਲ ਬੈਠਕ ਕਰ ਕੇ ਉਨ੍ਹਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੇ ਨਾਲ ਪ੍ਰਬੰਧ ਅਤੇ ਸੰਗਤਾਂ ਦੀ ਸੇਵਾ ਵਿਚ ਕਮੀ ਜਾਂ ਕਿਸੇ ਤਰ੍ਹਾਂ ਦੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ, ਔਰਤਾਂ ਦਾ ਸੋਸ਼ਣ ਜਾਂ ਪ੍ਰਬੰਧ ਵਿੱਚ ਬੇਨਿਯਮੀਆਂ ਅਤੇ ਸੰਗਤ ਨਾਲ ਦੁਰਵਿਹਾਰ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਨੌਕਰੀ ’ਤੇ ਨਹੀਂ ਰਹਿਣ ਦਿੱਤਾ ਜਾਵੇਗਾ। ਗੁਪਤ ਤੌਰ ’ਤੇ ਹੋਈ ਬੈਠਕ ਵਿਚ ਇਹ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਮੁਲਾਜ਼ਮ ਜੇ ਕੌਮ ਦੀ ਸਿਰਮੌਰ ਸੰਸਥਾ ਪ੍ਰਤੀ ਕੂੜ ਪ੍ਰਚਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੱਖ ਵੱਖ ਗੁਰਦੁਆਰਿਆਂ ਦੇ ਗ੍ਰੰਥੀ ਸਿੰਘ ਸਮੂਹ ਮੁਲਾਜ਼ਮਾਂ ਦੀ ਕਲਾਸ ਲਗਾਇਆ ਕਰਨਗੇ ਤੇ ਸਬੰਧਤ ਗੁਰਦੁਆਰਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਿਨੋਂ ਦਿਨ ਵਧਦੇ ਜਾ ਰਹੇ ਖਰਚਿਆਂ ਨੂੰ ਘਟਾਉਣ ਲਈ ਅਤੇ ਭਵਿੱਖ ਵਿੱਚ ਸੰਜਮ ਦੇ ਨਾਲ ਖਰਚੇ ਕਰਨ ਵਾਸਤੇ ਜਲਦੀ ਹੀ ਆਡਿਟਰ ਦੀ ਨਿਯੁਕਤੀ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨੀ ਸੰਘਰਸ਼ ਦੇ ਨਾਲ ਹੈ ਅਤੇਹਰ ਤਰ੍ਹਾਂ ਦੇ ਨਾਲ ਮਦਦ ਕਰਨ ਦੇ ਲਈ ਤੱਤਪਰ ਹੈ।

Leave a Reply

Your email address will not be published. Required fields are marked *