ਪੰਜਾਬ ਭਰ ’ਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਯਾਦ ਕੀਤਾ

ਚੰਡੀਗੜ੍ਹ : ਪੰਜਾਬ ਭਰ ਵਿੱਚ ਲੋਕਾਂ ਨੇ ਅੱਜ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਖੇਤੀ ਕਾਨੂੰਨਾਂ ਦੀ ਵਾਪਸੀ ਵਾਲੇ ਮਿਸ਼ਨ ਦੀ ਪੂਰਤੀ ਦਾ ਅਹਿਦ ਲਿਆ। ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਪਿੰਡਾਂ ਦੇ ਗੁਰੂ ਘਰਾਂ ’ਚ ਅੱਜ ਇਨ੍ਹਾਂ ਸ਼ਹੀਦ ਕਿਸਾਨਾਂ ਨਮਿਤ ਅਰਦਾਸਾਂ ਹੋਈਆਂ। ਕਿਸਾਨ ਧਰਨਿਆਂ ’ਚ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਜਾਬ ਦੀਆਂ 32 ਕਿਸਾਨ ਧਿਰਾਂ ਨੇ ਪੰਜਾਬ ਭਰ ਵਿਚ ਕਰੀਬ 380 ਥਾਵਾਂ ’ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ 14 ਜ਼ਿਲ੍ਹਿਆਂ ਦੇ 98 ਪਿੰਡਾਂ ਵਿਚ ਸ਼ਹੀਦਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕੀਤੇ, ਜੋ 24 ਦਸੰਬਰ ਤੱਕ ਜਾਰੀ ਰਹਿਣਗੇ। 32 ਕਿਸਾਨ-ਜਥੇਬੰਦੀਆਂ ਵੱਲੋਂ ਦੇਸ਼-ਪੱਧਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ’ਚ ਕਰੀਬ 380 ਥਾਵਾਂ ’ਤੇ ਸ਼ਹੀਦ ਕਿਸਾਨਾਂ ਦੇ ਪਿੰਡਾਂ, ਬਲਾਕ-ਪੱਧਰ ਅਤੇ ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਭਾਜਪਾ ਆਗੂਆਂ ਦੇ ਘਰਾਂ ਅੱਗੇ ਜਾਰੀ ਪੱਕੇ-ਧਰਨਿਆਂ ’ਚ ਦਿੱਲੀ ਅਤੇ ਪੰਜਾਬ ਦੇ ਕਿਸਾਨ-ਮੋਰਚਿਆਂ ਅਤੇ ਸੜਕ-ਹਾਦਸਿਆਂ ’ਚ ਕਿਸਾਨ ਲਹਿਰ ਲਈ ਸ਼ਹੀਦ ਹੋਏ 38 ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ 22 ਰਾਜਾਂ ਵਿਚ ਕਰੀਬ 90 ਹਜ਼ਾਰ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਦਿਆਂ 50 ਲੱਖ ਲੋਕਾਂ ਵੱਲੋਂ ਕਿਸਾਨ-ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕਾਲੇ-ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ। ਪੰਜਾਬ ਭਰ ’ਚ ਪਿੰਡਾਂ-ਸ਼ਹਿਰਾਂ ’ਚ ਹੋਏ ਸ਼ਰਧਾਂਜਲੀ ਇਕੱਠਾਂ ਦੌਰਾਨ ਜਥੇਬੰਦੀਆਂ ਦੇ ਨਾਲ-ਨਾਲ ਸਮਾਜ-ਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵੀ ਜਨਤਕ-ਇਕੱਠ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੀ.ਕੇ.ਯੂ (ਸਿੱਧੂਪੁਰ) ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿਆਂਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇੇ ਦੱਸਿਆ ਹੈ ਕਿ 15 ਜ਼ਿਲ੍ਹਿਆਂ ਵਿੱਚ ਪਿੰਡ-ਪਿੰਡ ਸ਼ਰਧਾਂਜਲੀ ਸਮਾਗਮ 23 ਦਸੰਬਰ ਤੱਕ ਕੀਤੇ ਜਾਣਗੇ ਅਤੇ 24 ਦਸੰਬਰ ਨੂੰ ਬਲਾਕ ਕੇਂਦਰਾਂ ਵਿੱਚ ਵਿਸ਼ਾਲ ਸਮਾਗਮ ਕੀਤੇ ਜਾਣਗੇ। ਅੱਜ ਦੇ ਸਮਾਗਮਾਂ ਵਿਚ ਸ਼ਹੀਦਾਂ ਦੀਆਂ ਫੋਟੋਆਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਦੋ ਮਿੰਟ ਲਈ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਰੋਸ ਮਾਰਚ ਕੀਤੇ ਗਏ। ਬੁਲਾਰਿਆਂ ਨੇ ਮੋਦੀ ਭਾਜਪਾ ਹਕੂਮਤ ਦੇ ਅੜੀਅਲ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਇਨ੍ਹਾਂ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ। ਸ਼ਹੀਦਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦਾ ਮੁਆਵਜ਼ਾ, ਕਰਜ਼ਾ ਮੁਕਤੀ ਅਤੇ 1-1 ਜੀਅ ਲਈ ਪੱਕੀ ਨੌਕਰੀ ਦੀ ਮੰਗ ਵੀ ਚੁੱਕੀ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੰਡਿਆਲਾ ਗੁਰੂ ਧਰਨੇ ਵਿਚ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

ਪਟਿਆਲਾ 32 ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਹਰਿਆਣਾ ਦੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਹੈ। ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਖੱਟੜ-ਸਰਕਾਰ ਜਬਰ ’ਤੇ ਉਤਰ ਆਈ ਹੈ। ਉਨ੍ਹਾਂ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਹਰਿਆਣਾ ਦੇ ਪ੍ਰਮੁੱਖ ਕਿਸਾਨ ਆਗੂ ਕਾਮਰੇਡ ਬਲਬੀਰ ਸਿੰਘ ਯਾਦਵ, ਜ਼ਿਲ੍ਹਾ ਪ੍ਰਧਾਨ, ਏਆਈ ਕੇ ਕੇਐੱਮਐੱਸ ਅਤੇ ਏਆਈਕੇਐੱਮਐੱਸ ਦੇ ਦੋ ਹੋਰ ਕਿਸਾਨ ਆਗੂਆਂ ਕਾਮਰੇਡ ਅਮਰ ਸਿੰਘ ਅਤੇ ਅਭੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਗਮੋਹਨ ਸਿੰਘ ਨੇ ਦੱਸਿਆ ਕਿ ਇਤਿਹਾਸਕ ਅਸਥਾਨ ਸੁਲਤਾਨਪੁਰ ਲੋਧੀ ਤੋਂ 22 ਦਸੰਬਰ ਨੂੰ ਬੀਕੇਯੂ (ਡਕੌਂਦਾ) ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਵੇਗਾ।

ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਹਰਿਆਣਾ ’ਚ ਵੀ ਸ਼ਰਧਾਂਜਲੀਆਂ

ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਢਾਈ ਦਰਜਨ ਦੇ ਕਰੀਬ ਕਿਸਾਨਾਂ ਨੂੰ ਹਰਿਆਣਾ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਸਮਾਜਿਕ ਜਥੇਬੰਦੀਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਸਮੂਹ ਕਿਸਾਨਾਂ ਨੇ ਸ਼ਹੀਦਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸ਼ਰਧਾਂਜਲੀ ਸਮਾਗਮਾਂ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ। ਹਰਿਆਣਾ ਦੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਤਨ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਤਿੰਨੋਂ ਕਾਨੂੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ, ਜੋ ਕਿਸਾਨੀ ਅਤੇ ਖੇਤੀਬਾੜੀ ਨੂੰ ਖਤਮ ਕਰ ਦੇਣਗੇ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣਾ ਸਣੇ ਦੇਸ਼ ਭਰ ਤੋਂ ਕਿਸਾਨ ਆਗੂ ਦਿੱਲੀ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੌਲ ਨਹੀਂ ਰਹੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ। ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਆਪਣਾ ਸਮਰਥਨ ਵਾਪਸ ਲੈਣ ਵਾਲੇ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਭਾਜਪਾ ਕਮਜ਼ੋਰ ਕਰਨਾ ਚਾਹੁੰਦੀ ਹੈ। ਇਸੇ ਕਰਕੇ ਭਾਜਪਾ ਵੱਲੋਂ ਐੱਸਵਾਈਐੱਲ ਦਾ ਮੁੱਦਾ ਮੁੜ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਜਪਾ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਤੇ ਕਾਨੂੰਨ ਵਾਪਸ ਕਰਵਾ ਕੇ ਹੀ ਘਰ ਮੁੜਨਗੇ।

Leave a Reply

Your email address will not be published. Required fields are marked *