ਕਿਸਾਨੀ ਸੰਘਰਸ਼ ਦੀ ਜਿੱਤ ਲਈ ਸਬਰ ਦੀ ਲੋੜ

ਤਰਨ ਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਜਿੱਤ ਤੱਕ ਪਹੁੰਚਾਉਣ ਲਈ ਜਥੇਬੰਦਕ ਸੂਝ-ਬੂਝ, ਸਬਰ ਅਤੇ ਇਨਕਲਾਬੀ ਵਿਚਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ| ਉਨ੍ਹਾਂ ਕਿਹਾ ਕਿ ਜਥੇਬੰਦੀ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੱਕ ਆਪਣਾ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੈ| ਉਨ੍ਹਾਂ ਅੰਦੋਲਨ ਨੂੰ ਤਾਰਪੀਡੋ ਕਰਨ ਲਈ 26 ਜਨਵਰੀ ਦੀ ਆੜ ਹੇਠ ਕੇਸ ਦਰਜ ਕਰਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ, ਕਿਸਾਨਾਂ ਦੀ ਹਮਾਇਤ ਕਰਨ ਵਾਲੇ ਸਮਾਜ ਸੇਵੀਆਂ, ਪੱਤਰਕਾਰਾਂ, ਵਿਚਾਰਵਾਨਾਂ ਆਦਿ ਨੂੰ ਐੱਨਆਈਏ ਦੇ ਨੋਟਿਸ ਭੇਜਣ ਆਦਿ ਜਿਹੀਆਂ ਕਾਰਵਾਈਆਂ ਨਾਲ ਦਮਨਕਾਰੀ ਚਾਲਾਂ ਚੱਲਣ ਦਾ ਵਿਰੋਧ ਕੀਤਾ। ਰੈਲੀ ਦੌਰਾਨ ਪਾਸ ਕੀਤੇ ਗਏ ਮਤਿਆਂ ਵਿੱਚ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ, 29 ਜਨਵਰੀ ਦੇ ਦੰਗਾਕਾਰੀਆਂ ਖਿਲਾਫ਼ ਕੇਸ ਦਰਜ ਕਰਨ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ, ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨ, ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਆਦਿ ’ਤੇ ਵੀ ਜ਼ੋਰ ਦਿੱਤਾ ਗਿਆ| ਉਨ੍ਹਾਂ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਣ ਲਈ ਆਮ ਜਨਤਾ ਨੂੰ ਫੰਡ ਇਕੱਠਾ ਕਰਕੇ 30-30 ਦਿਨ ਤੱਕ ਦਿੱਲੀ ਰਹਿਣ ਦੀ ਵੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 5 ਅਤੇ 20 ਮਾਰਚ ਨੂੰ ਅੰਮ੍ਰਿਤਸਰ ਤੋਂ ਦਿੱਲੀ ਵੱਲ ਟਰੈਕਟਰਾਂ ਦੇ ਕਾਫਲੇ ਰਵਾਨਾ ਕੀਤੇ ਜਾਣਗੇ। ਜਥੇਬੰਦੀ ਵਲੋਂ ਅੱਜ ਇਥੇ ਸ੍ਰੀ ਨਨਕਾਣਾ ਸਾਹਿਬ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸੰਘਰਸ਼ ਨੂੰ ਅਸਫ਼ਲ ਬਣਾਉਣ ਲਈ ਚਲੀਆਂ ਜਾ ਰਹੀਆਂ ਚਾਲਾਂ ਲਈ ਕੇਂਦਰ ਸਰਕਾਰ ਨੂੰ ਤਿੱਖੀ ਚਿਤਾਵਨੀ ਵੀ ਦਿੱਤੀ| ਸੂਬਾ ਪੱਧਰ ਦੀ ਇਸ ਭਰਵੀਂ ਰੈਲੀ ਵਿੱਚ ਔਰਤਾਂ, ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ ਆਦਿ ਨੇ ਵੀ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ|

ਰੈਲੀ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਨੇ ਇਸ ਘੋਲ ਨੂੰ 1947 ਤੋਂ ਬਾਅਦ ਦੁਨੀਆ ਦਾ ਸਭ ਤੋਂ ਵੱਡਾ ਅਤੇ ਮਹਾਨ ਅੰਦੋਲਨ ਕਰਾਰ ਦਿੱਤਾ ਜਿਸ ਨੂੰ ਅੰਤਰਰਾਸ਼ਟਰੀ ਪੱਧਰ ਤੋਂ ਸਮਰਥਨ ਮਿਲ ਰਿਹਾ ਹੈ| ਉਨ੍ਹਾਂ ਖੇਤੀ ਕਾਨੂੰਨਾਂ ਨੂੰ ਕਰੋਨਾ ਕਾਲ ਦੌਰਾਨ ਲਿਆਉਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਕਾਰਪੋਰੇਟ ਜੋਟੀਦਾਰਾਂ ਨੂੰ ਲਾਹਾ ਦੇਣ ਲਈ ਹੀ ਇਹ ਕਾਨੂੰਨ ਲਿਆਂਦੇ ਗਏ ਹਨ। ਰੈਲੀ ਨੂੰ ਸੁਖਵਿੰਦਰ ਸਿੰਘ ਸਭਰਾ, ਸਤਨਾਮ ਸਿੰਘ ਮਾਨੋਚਾਹਲ, ਦਿਆਲ ਸਿੰਘ ਮੀਆਂਵਿੰਡ, ਹਰਪ੍ਰੀਤ ਸਿੰਘ ਸਿਧਵਾਂ, ਜਵਾਹਰ ਸਿੰਘ ਟਾਂਡਾ, ਹਰਬਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਸ਼ਰਨਜੀਤ ਕੌਰ ਤੁੜ, ਰਵੀ ਕੌਰ, ਸੁਮਨਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਰੈਲੀ ਵਿੱਚ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ| ਰੈਲੀ ਵਿੱਚ ਇਪਟਾ ਮੋਗਾ ਦੀ ਨਾਟਕ ਮੰਡਲੀ ਵਲੋਂ ‘ਡਰਨਾ’ ਨਾਟਕ ਦੀ ਪੇਸ਼ਕਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਜਿਹੀਆਂ ਧਿਰਾਂ ਦੀ ਖੂਬ ਖਿੱਲੀ ਉਡਾਈ ਗਈ|

Leave a Reply

Your email address will not be published. Required fields are marked *