ਸ਼ਵੇਤ ਮਲਿਕ ਦੇ ਘਰ ਮੂਹਰੇ ਗਰਜੀਆਂ ਬੀਬੀਆਂ

ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਅੰਤਰਾਸ਼ਟਰੀ ਔਰਤ ਦਿਵਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਚੱਲ ਰਹੇ ਧਰਨੇ ਵਿੱਚ ਅੱਜ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਔਰਤਾਂ ਵੀ ਸ਼ਾਮਲ ਸਨ। ਬੁਲਾਰਿਆਂ ਨੇ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਲਾਏ ਮੋਰਚੇ ਨੂੰ 100 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਸੰਘਰਸ਼ ਵਿੱਚ 235 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਪਰ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਕਰਨ ਦੀ ਥਾਂ ਭਾਜਪਾ ਦੇ ਮੰਤਰੀ ਵੱਖ ਵੱਖ ਸੂਬਿਆਂ ਵਿੱਚ ਇਨਾਂ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਬੁਲਾਰਿਆਂ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਆਮ ਆਦਮੀ ’ਤੇ ਵਾਧੂ ਬੋਝ ਪਿਆ ਹੈ। ਸਰਕਾਰ ਵੱਲੋਂ ਲਗਾਏ ਗਏ ਵੈਟ ਅਤੇ ਆਬਕਾਰੀ ਡਿਊਟੀ ਦੀ ਵਾਧੂ ਦਰ ਕਾਰਨ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਦੀ ਵੀ ਨਿਖੇਧੀ ਕੀਤੀ। ਬੁਲਾਰਿਆਂ ਨੇ ਔਰਤ ਦਿਵਸ ਦੇ ਸਬੰਧੀ ਗੱਲ ਕਰਦਿਆਂ ਔਰਤਾਂ ਦੇ ਸਮੂਹ ਮਸਲੇ ਹੱਲ ਕਰਨ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਧਰਨੇ ਨੂੰ ਕਾਮਰੇਡ ਆਗੂ ਬਲਕਾਰ ਦੁਧਾਲਾ, ਡਾ. ਇੰਦਰਜੀਤ ਸਿੰਘ, ਪ੍ਰੋ. ਰੁਪਿੰਦਰ ਕੌਰ, ਬਲਵਿੰਦਰ ਦੁਧਾਲਾ, ਹਰਜੀਤ ਸਿੰਘ ਝੀਤਾ, ਜਗਜੀਤ ਸਿੰਘ, ਸਵਿੰਦਰ ਸਿੰਘ ਮੀਰਾਂਕੋਟ, ਰਤਨ ਸਿੰਘ ਰੰਧਾਵਾ, ਹੁਸ਼ਿਆਰ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ।

ਐੱਨਐੱਸਯੂਆਈ ਵੱਲੋਂ ਪ੍ਰਦਰਸ਼ਨ

ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਨੇ ਅੱਜ ਭਾਜਪਾ ਦੀ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਸਿਆਸੀ ਵਿਤਕਰੇ ਦੇ ਦੋਸ਼ ਹੇਠ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦੱਬਣ ਦੇ ਮਾਮਲੇ ਸਬੰਧੀ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਰੋਸ ਵਿਖਾਵਾ ਕੀਤਾ। ਲਗਪਗ ਇਕ ਘੰਟਾ ਚੱਲੇ ਰੋਸ ਵਿਖਾਵੇ ਦੌਰਾਨ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਪਰ ਇਸ ਦੌਰਾਨ ਵਿਦਿਆਰਥੀ ਸੰਗਠਨ ਕੋਲੋਂ ਕੋਈ ਵੀ ਮੰਗ ਪੱਤਰ ਲੈਣ ਨਹੀਂ ਆਇਆ। ਐੱਨਐੱਸਯੂਆਈ ਦੇ ਪ੍ਰਧਾਨ ਅਕਸ਼ੈ ਕੁਮਾਰ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਜਾਣ-ਬੁੱਝ ਕੇ ਕੀਤੇ ਇਕ ਗਲਤ ਫ਼ੈਸਲੇ ਨਾਲ ਫੂਡ ਡੈਫੀਸਿਟ ਅਕਾਊਂਟ ਤਹਿਤ ਸੂਬੇ ’ਤੇ 31 ਹਜ਼ਾਰ ਕਰੋੜ ਰੁਪਏ ਦਾ ਬੋਝ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਲੀਡਰਸ਼ਿਪ ਸਾਰੇ ਦਸਤਾਵੇਜ਼ ਜਨਤਕ ਕਰੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਸ ਮਾਮਲੇ ਦੀ ਸੱਚਾਈ ਪਤਾ ਲਗ ਸਕੇ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿੱਚ ਮਹਿਲਾ ਸੁਰੱਖਿਆ ਦਾ ਮੁੱਦਾ ਵੀ ਚੁੱਕਿਆ।

Leave a Reply

Your email address will not be published. Required fields are marked *