ਸਿੱਧੀ ਅਦਾਇਗੀ: ਚਾਰ ਮੈਂਬਰੀ ਟੀਮ ਦੀ ਕੇਂਦਰੀ ਖੁਰਾਕ ਮੰਤਰੀ ਨਾਲ ਮੀਟਿੰਗ ਅੱਜ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਚਾਰ ਮੈਂਬਰੀ ਟੀਮ ਭਲਕੇ ਵੀਰਵਾਰ ਨੂੰ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ’ਤੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੂੰ ਮਿਲੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਿੰਨ ਵਜ਼ੀਰਾਂ ਅਤੇ ਇੱਕ ਚੇਅਰਮੈਨ ’ਤੇ ਅਧਾਰਿਤ ਚਾਰ ਮੈਂਬਰੀ ਟੀਮ ਬਣਾ ਦਿੱਤੀ ਹੈ, ਜਿਸ ਵੱਲੋਂ ਇਸ ਮਸਲੇ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਆੜ੍ਹਤੀਆਂ ਨਾਲ ਮੀਟਿੰਗ ਦੌਰਾਨ ਮੁੜ ਦੁਹਰਾਇਆ ਕਿ ਉਹ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਉਨ੍ਹਾਂ ਨਾਲ ਖੜੇ ਹਨ।

ਮੁੱਖ ਮੰਤਰੀ ਵੱਲੋਂ ਅੱਜ ਕੀਤੀ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਉੱਚ ਅਧਿਕਾਰੀ ਸ਼ਾਮਲ ਸਨ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਤਰਫੋਂ ਪ੍ਰਧਾਨ ਵਿਜੈ ਕਾਲੜਾ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਨਰੇਸ਼ ਭਾਰਦਵਾਜ ਤੇ ਰਾਕੇਸ਼ ਜੈਨ ਮੌੜ ਮੰਡੀ ਆਦਿ ਤੋਂ ਇਲਾਵਾ ਲੇਬਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਤੁਲੀ ਵੀ ਮੀਟਿੰਗ ਵਿਚ ਸ਼ਾਮਲ ਸਨ।

ਵੀਰਵਾਰ ਨੂੰ ਦਿੱਲੀ ਵਿਚ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਪਹਿਲਾਂ ਹੀ ਮੀਟਿੰਗ ਤੈਅ ਹੈ। ਚਾਰ ਮੈਂਬਰੀ ਟੀਮ ਵਿਚ ਸ਼ਾਮਲ ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸ਼ਨ ਆਸ਼ੂ, ਵਿਜੈਇੰਦਰ ਸਿੰਗਲਾ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਭਲਕੇ ਦਿੱਲੀ ਜਾਣਗੇ। ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਉਹ ਵੀਰਵਾਰ ਨੂੰ 4 ਵਜੇ ਦਿੱਲੀ ਵਿਚ ਕੇਂਦਰੀ ਖੁਰਾਕ ਮੰਤਰੀ ਨੂੰ ਮਿਲਣਗੇ ਤੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਭਲਕ ਦੀ ਮੀਟਿੰਗ ਤੋਂ ਆਸਵੰਦ ਹਨ।

ਮੁੱਖ ਮੰਤਰੀ ਨੇ ਆੜਤੀਆਂ ਤੇ ਅਧਿਕਾਰੀਆਂ ਦੀ ਭਲਕੇ ਮੁੜ ਮੀਟਿੰਗ ਸੱਦੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਅਪਰੈਲ ਨੂੰ ਮੁੜ ਆੜ੍ਹਤੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ ਜਿਸ ਵਿਚ ਵੀਰਵਾਰ ਨੂੰ ਦਿੱਲੀ ’ਚ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਆਪਣੇ ਚਾਰ ਮਸਲੇ ਰੱਖੇ ਹਨ ਜਿਨ੍ਹਾਂ ਵਿਚ ਆੜ੍ਹਤੀਆਂ ਜ਼ਰੀਏ ਜਿਣਸ ਦੀ ਅਦਾਇਗੀ, ਭਾਰਤੀ ਖੁਰਾਕ ਨਿਗਮ ਤੋਂ 2019 ਦੇ 131 ਕਰੋੜ ਦੇ ਬਕਾਏ ਰਿਲੀਜ਼ ਕਰਾਉਣੇ, ਖੁਰਾਕ ਨਿਗਮ ਵੱਲੋਂ ਕੀਤੀ ਕਟੌਤੀ ਦੀ ਭਰਪਾਈ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨੀ ਰਿਕਾਰਡ ਦਿੱਤੇ ਜਾਣ ਤੋਂ ਛੋਟ ਦੇਣ ਦਾ ਮਾਮਲਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਉਹ 10 ਅਪਰੈਲ ਤੋਂ ਹੜਤਾਲ ’ਤੇ ਚਲੇ ਜਾਣਗੇ।

Leave a Reply

Your email address will not be published. Required fields are marked *