ਕੈਪਟਨ ਵੱਲੋਂ ਵਿਜੈ ਪ੍ਰਤਾਪ ਨਾਲ ਮੁਲਾਕਾਤ, ਅਸਤੀਫ਼ਾ ਵਾਪਸ ਲੈਣ ਲਈ ਜ਼ੋਰ ਪਾਇਆ

ਚੰਡੀਗੜ੍ਹ: ਪੰਜਾਬ ਦੇ ਚਰਚਿਤ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਸਬੰਧੀ ਫਾਈਲ ਨੂੰ ਤਕਨੀਕੀ ਤੌਰ ’ਤੇ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਭੇਜਿਆ ਜਾਵੇਗਾ। ਆਈਪੀਐੱਸ ਅਧਿਕਾਰੀਆਂ ਦਾ ਕਾਡਰ ਗ੍ਰਹਿ ਵਿਭਾਗ ਦੇ ਅਧੀਨ ਆਉਂਦਾ ਹੈ। ਇਸ ਲਈ ਅੰਤਿਮ ਫ਼ੈਸਲਾ ਮੁੱਖ ਮੰਤਰੀ ਵੱਲੋਂ ਹੀ ਲਿਆ ਜਾਣਾ ਹੈ। ਉੱਚ ਪੱਧਰੀ ਸੂਤਰਾਂ ਮੁਤਾਬਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਕ ਘੰਟਾ ਚੱਲੀ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਇਸ ਪੁਲੀਸ ਅਧਿਕਾਰੀ ’ਤੇ ਅਸਤੀਫ਼ਾ ਵਾਪਸ ਲੈਣ ਲਈ ਜ਼ੋਰ ਪਾਇਆ। ਦੱਸਣਯੋਗ ਹੈ ਕਿ ਪੁਲੀਸ ਅਧਿਕਾਰੀ ਨੇ ਅਸਤੀਫ਼ਾ ਦੇਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਆਪਣੇ ਭਵਿੱਖ ਦੇ ਫ਼ੈਸਲਿਆਂ ਸਬੰਧੀ ਪ੍ਰਤੀਕਰਮ ਦਿੰਦਿਆਂ ਸਪੱਸ਼ਟ ਕਿਹਾ ਹੈ ਕਿ ‘ਮੈਂ ਸਮਾਜ ਸੇਵਾ ਤਾਂ ਕਰਦਾ ਰਹਾਂਗਾ ਪਰ ਇੱਕ ਆਈਪੀਐੱਸ ਅਫ਼ਸਰ ਵਜੋਂ ਨਹੀਂ।’ ਸਿਆਸੀ ਆਗੂਆਂ ਵੱਲੋਂ ਇਸ ਪੁਲੀਸ ਅਧਿਕਾਰੀ ਦੇ ਐਲਾਨ ਨੂੰ ਰਾਜਨੀਤੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ 10 ਮਹੀਨਿਆਂ ਤੋਂ ਘੱਟ ਸਮਾਂ ਰਹਿ ਗਿਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੁਲੀਸ ਅੰਦਰ ਵੀ ਚਰਚਾ ਛਿੜੀ ਹੋਈ ਹੈ ਕਿ ਜੇਕਰ ਇਹ ਪੁਲੀਸ ਅਧਿਕਾਰੀ ਵਿਭਾਗ ਤੋਂ ਲਾਂਂਭੇ ਹੋ ਜਾਂਦਾ ਹੈ ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਅਤੇ  ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਭਵਿੱਖ ਵਿੱਚ ਕਿਹੜੇ ਪੁਲੀਸ ਅਧਿਕਾਰੀ ਦੇ ਹੱਥ ਹੋਵੇਗੀ। ਮੁੱਖ ਮੰਤਰੀ ਦਫ਼ਤਰ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਕੁੱਝ ਦਿਨਾਂ ਤੱਕ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਣੀ ਹੈ ਜਿਸ ਫ਼ੈਸਲੇ ਰਾਹੀਂ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਰਿਪੋਰਟ ਰੱਦ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਵੀ ਵਿਸ਼ੇਸ਼ ਜਾਂਚ ਟੀਮ ਤੋਂ ਲਾਂਭੇ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਸਰਕਾਰ ਦਾ ਤਰਕ ਹੈ ਕਿ ਸੁਪਰੀਮ ਕੋਰਟ ਤੋਂ ਜੇਕਰ ਰਾਹਤ ਮਿਲ ਜਾਂਦੀ ਹੈ ਤਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਸਤੀਫ਼ੇ ਦਾ ਮਾਮਲਾ ਵੀ ਹੱਲ ਹੋਣ ਦੇ ਆਸਾਰ ਬਣ ਜਾਣਗੇ। 

Leave a Reply

Your email address will not be published. Required fields are marked *