ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ

ਐਸ.ਏ.ਐਸ. ਨਗਰ (ਮੁਹਾਲੀ): ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਜਲਦੀ ਹੀ ਆਪੋ ਆਪਣੇ ਦਲ ਭੰਗ ਕਰ ਕੇ ਨਵੀਂ ਸਿਆਸੀ ਪਾਰਟੀ ਬਣਾਈ ਜਾਵੇਗੀ। ਇਸ ਸਬੰਧੀ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸ, ਬਾਦਲ ਦਲ ਤੇ ਭਾਜਪਾ ਨੂੰ ਸਿਆਸਤ ਤੋਂ ਲਾਂਭੇ ਕਰਨ ਦੀ ਸਖ਼ਤ ਲੋੜ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਇਕੱਠੇ ਹੋ ਕੇ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ। ਉਨ੍ਹਾਂ ਦੱਸਿਆ ਕਿ ਬ੍ਰਹਮਪੁਰਾ ਅਤੇ ਉਨ੍ਹਾਂ ਨੇ ਪਹਿਲਕਦਮੀ ਕਰਦਿਆਂ ਨਵੀਂ ਪਾਰਟੀ ਬਣਾਉਣ ਦੀ ਚਰਚਾ ਛੇੜੀ ਸੀ ਜੋ ਸਿਰੇ ਚੜ੍ਹਨ ਵਾਲੀ ਹੈ। 17 ਅਪਰੈਲ ਨੂੰ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ।

ਕੈਪਟਨ ਅਤੇ ਬਾਦਲਾਂ ਨੂੰ ਮੁਆਫ ਨਹੀਂ ਕਰਨਗੇ ਪੰਜਾਬੀ: ਢੀਂਡਸਾ

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ ਦੋਸਤਾਨਾ ਮੈਚ ਤੋਂ ਸਿੱਖ ਭਾਈਚਾਰਾ ਨਿਰਾਸ਼ ਹੈ। ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ ਨੂੰ ਮੁਆਫ਼ ਨਹੀਂ ਕਰਨਗੇ। ਦੋਹਾਂ ਪਾਰਟੀਆਂ ਨੂੰ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਵਿਚਾਲੇ ਗੁਪਤ ਸਮਝੌਤਾ ਹੋਇਆ ਹੈ। ਇਸ ਸਮਝੌਤੇ ਕਾਰਨ ਹੀ ਮੁੱਖ ਮੰਤਰੀ ਨੇ ਬਾਦਲਾਂ ਦੇ ਟਰਾਂਸਪੋਰਟ ਤੇ ਕੇਬਲ ਮਾਫੀਆ ਨੂੰ ਹੱਥ ਨਹੀਂ ਪਾਇਆ। ਖ਼ਬਰ ਸ਼ੇਅਰ ਕਰੋ

Leave a Reply

Your email address will not be published. Required fields are marked *