ਫ਼ੌਜੀ ਹਮਲੇ ਨੂੰ ਸਿੱਖ ਨਸਲਕੁਸ਼ੀ ਐਲਾਨਣ ਲਈ ਯੂਐੱਨਓ ਨੂੰ ਪੱਤਰ

Khalra Mission Organisation conduct prayers at Akal Takht a head of 37th anniversary of Operation Blue Star at Golden Temple complex in Amritsar on Friday photo vishal kumar

ਅੰਮ੍ਰਿਤਸਰ: ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਅੱਜ ਯੂਐੱਨਓ ਨੂੰ ਇੱਕ ਪੱਤਰ ਭੇਜ ਕੇ ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਨੂੰ ਸਿੱਖ ਨਸਲਕੁਸ਼ੀ ਐਲਾਨਣ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਅੱਜ ਅਕਾਲ ਤਖ਼ਤ ਵਿਖੇ ਫ਼ੌਜੀ ਹਮਲੇ ਦੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਨੂੰ ਸਿੱਖ ਨਸਲਕੁਸ਼ੀ ਐਲਾਨਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਛੇ ਜੂਨ ਨੂੰ ਸ਼ਹੀਦੀ ਸਮਾਗਮ ਸਮੇਂ ਇਸ ਬਾਰੇ ਐਲਾਨ ਕੀਤਾ ਜਾਵੇ।

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਪਲਾਸੌਰ, ਹਰਮਨ ਦੀਪ ਸਿੰਘ, ਵਿਰਸਾ ਸਿੰਘ, ਕਿਰਪਾਲ ਸਿੰਘ, ਬਾਬਾ ਦਰਸ਼ਨ ਸਿੰਘ ਅਤੇ ਹੋਰਨਾਂ ਨੇ ਅਕਾਲ ਤਖ਼ਤ ਵਿਖੇ ਫ਼ੌਜੀ ਹਮਲੇ ਦੇ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਹ ਘੱਲੂਘਾਰਾ ਜੱਲ੍ਹਿਆਂਵਾਲਾ ਬਾਗ ਤੋਂ ਵੀ ਭਿਆਨਕ ਸੀ। ਇਸ ਵਿਚ ਸ਼ਹੀਦ ਹੋਣ ਵਾਲਿਆਂ ਦੀਆਂ ਦੇਹਾਂ ਵੀ ਵਾਰਸਾਂ ਨੂੰ ਨਹੀਂ ਸੌਂਪੀਆਂ ਗਈਆਂ। ਇਸ ਮਾਮਲੇ ਦੀ ਹੁਣ ਤਕ ਕੋਈ ਜਾਂਚ ਨਹੀਂ ਕੀਤੀ ਗਈ। ਇਸ ਦੌਰਾਨ ਜਥੇਬੰਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਇੱਕ ਪੱਤਰ ਭੇਜ ਕੇ ਯੂਐੱਨ ਸਕਿਓਰਿਟੀ ਕੌਂਸਲ ਅਤੇ ਜਨਰਲ ਅਸੈਂਬਲੀ ਵਿਚ ਜੂਨ 1984 ਫੌਜੀ ਹਮਲੇ ਸਬੰਧੀ ਮਤਾ ਪਾਸ ਕਰ ਕੇ ਇਸ ਕਾਰਵਾਈ ਨੂੰ ਸਿੱਖ ਨਸਲਕੁਸ਼ੀ ਦਾ ਦਰਜਾ ਦੇਣ ਦੀ ਅਪੀਲ ਕੀਤੀ। ਇਸ ਸਬੰਧੀ ਉਨ੍ਹਾਂ ਅਰਮੀਨੀਆ ਕਤਲੇਆਮ ਦਾ ਵੀ ਹਵਾਲਾ ਦਿੱਤਾ, ਜਿਸ ਨੂੰ ਨਸਲਕੁਸ਼ੀ ਐਲਾਨਿਆ ਗਿਆ ਸੀ।

ਗਾਂਧੀ ਪਰਿਵਾਰ ਤੇ ਗਿਆਨੀ ਜ਼ੈਲ ਸਿੰਘ ਨੂੰ ਸਿੱਖ ਕੌਮ ਦਾ ਦੁਸ਼ਮਣ ਐਲਾਨਣ ਦੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਅਤੇ ਨਵੰਬਰ ’84 ਦੇ ਸਿੱਖ ਕਤਲੇਆਮ ਲਈ ਗਾਂਧੀ ਪਰਿਵਾਰ ਅਤੇ ਤਤਕਾਲੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਜ਼ਿੰਮੇਵਾਰ ਦੱਸਦਿਆਂ ਸਿੱਖ ਕੌਮ ਦਾ ਦੁਸ਼ਮਣ ਕਰਾਰ ਦੇਣ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਿੱਖਾਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਵਿਖੇ ਫ਼ੌਜੀ ਹਮਲਾ ਕਰਵਾਇਆ ਸੀ। ਇਹ ਸਿੱਖ ਵਿਰਸੇ ਨੂੰ ਖ਼ਤਮ ਕਰਨ ਦਾ ਯਤਨ ਸੀ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕੌਮ ਦਾ ਦੁਸ਼ਮਣ ਕਰਾਰ ਦਿੱਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *