ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸੂਰੀ ਖ਼ਿਲਾਫ਼ ਕੇਸ

ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਗੁਰੂ ਸਾਹਿਬਾਨ ਤੇ ਗੁਰਧਾਮਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸ਼ਿਕਾਇਤ ਕੀਤੀ ਹੈ। ਇਸ ਦੇ ਆਧਾਰ ’ਤੇ ਥਾਣਾ ਬੀ ਡਿਵੀਜ਼ਨ ਦੀ ਪੁਲੀਸ ਨੇ ਸੁਧੀਰ ਸੂਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਕੁਝ ਸਿੱਖ ਕਾਰਕੁਨਾਂ ਨੇ ਸੂਰੀ ਦੇ ਘਰ ਨੇੜੇ ਧਰਨਾ ਵੀ ਦਿੱਤਾ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ਇਹ ਸ਼ਿਵ ਸੈਨਾ ਆਗੂ ਸਿੱਖ ਗੁਰੂਆਂ, ਸਿੱਖ ਸ਼ਹੀਦਾਂ, ਸਿੱਖੀ ਸਿਧਾਂਤਾਂ ਅਤੇ ਗੁਰਧਾਮਾਂ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਿਹਾ ਹੈ। ਇਸ ਸਬੰਧੀ ਉਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਉਧਰ, ਯੂਥ ਟਕਸਾਲੀ ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਹਰਦੀਪ ਸ਼ਰਮਾ ਦੀ ਸ਼ਿਕਾਇਤ ’ਤੇ ਸਿੱਖ ਆਗੂ ਭੁਪਿੰਦਰ ਸਿੰਘ ਖ਼ਿਲਾਫ਼ ਥਾਣਾ ਗੇਟ ਹਕੀਮਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਭੁਪਿੰਦਰ ਸਿੰਘ ਨੇ ਹਿੰਦੂ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਹੈ। 

ਸੂਰੀ ਅਤੇ ਪੋਪਾ ਖ਼ਿਲਾਫ਼ ਕਾਰਵਾਈ ਲਈ ਡੀਜੀਪੀ ਨੂੰ ਪੱਤਰ

ਨਵਾਂਸ਼ਹਿਰ (ਲਾਜਵੰਤ ਸਿੰਘ):ਆਰਟੀਆਈ ਕਾਰਕੁਨ ਪਰਵਿੰਦਰ ਸਿੰਘ ਕਿੱਤਣਾ, ਕੁਲਦੀਪ ਸਿੰਘ ਖਹਿਰਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਾਕਮ ਸਿੰਘ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਅਤੇ ਉਸ ਦੇ ਇੱਕ ਸਾਥੀ ਅਰੁਣ ਕੁਮਾਰ ਪੋਪਾ ਖ਼ਿਲਾਫ਼ ਕੇਸ ਦਰਜ ਕਰਨ ਲਈ ਪੰਜਾਬ ਦੇ ਡੀਜੀਪੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸਐੱਸਪੀ ਅਤੇ ਥਾਣਾ ਸਦਰ ਨਵਾਂਸ਼ਹਿਰ ਦੇ ਐੱਸਐੱਚਓ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤ ਦਾ ਆਧਾਰ ਸੋਸ਼ਲ ਮੀਡੀਆ ’ਤੇ ਵਾਇਰਲ ਇੱਕ ਵੀਡੀਓ ਨੂੰ ਬਣਾਇਆ ਗਿਆ ਹੈ। 

Leave a Reply

Your email address will not be published. Required fields are marked *